ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਮਾਨਸਾ ਬਲਾਕ ਦੇ ਪਿੰਡ ਖਿਆਲਾ ਕਲਾਂ ਵਿੱਚ
Publish Date: Sat, 28 Nov 2026 05:33 PM (IST)
Updated Date: Sat, 28 Nov 2026 05:34 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਨਸਾ ਬਲਾਕ ਦੇ ਪਿੰਡ ਖਿਆਲਾ ਕਲਾਂ ਵਿਚ ਪਿਛਲੇ ਤਕਰੀਬਨ ਡੇਢ ਹਫ਼ਤੇ ਤੋਂ ਘਰੇਲੂ ਸਪਲਾਈ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਇਕੱਠ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌੰਦਾ ਦੇ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 24 ਘੰਟੇ ਸਪਲਾਈ ਦੇ ਵਾਅਦੇ ਝੂਠੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਖੇਤ ਦੀ ਸਪਲਾਈ ਨਾ ਮਿਲਣ ਕਾਰਨ ਲੋਕ ਸੀਜਨ ਮੌਕੇ ਖੱਜਲ ਖੁਆਰ ਹੋਏ ਸਨ, ਉਦਾਂ ਹੀ ਹੁਣ ਘਰੇਲੂ ਖਪਤਕਾਰ ਲੰਬੇ ਲੰਬੇ ਕੱਟਾਂ ਤੋਂ ਅੱਕੇ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਰੈਲੀਆਂ ਮੁਜ਼ਾਹਰੇ ਕਰਨ ਵਿੱਚ ਵਿਅਸਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਫੌਰੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਬਿਜਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਅੱਜ ਦੇ ਇਕੱਠ ਮੌਕੇ ਸੁਖਚੈਨ ਸਿੰਘ, ਹਰਦੇਵ ਸਿੰਘ ਅਤੇ ਨਾਇਬ ਸਿੰਘ ਨੇ ਜਥੇਬੰਦੀ ਦੇ ਕੰਮਾਂ ਨੂੰ ਦੇਖਦਿਆਂ ਜਥੇਬੰਦੀ ਦਾ ਪੱਲਾ ਫੜਿਆ। ਇਕੱਠ ਮੌਕੇ ਸੂਬਾ ਆਗੂ ਸਮੇਤ ਵਰਿਆਮ ਸਿੰਘ, ਪਰਗਟ ਸਿੰਘ, ਗੁਰਸੇਵਕ ਸਿੰਘ, ਜਗਸੀਰ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਜਗਰਾਜ ਸਿੰਘ, ਦਲੀਪ ਸਿੰਘ, ਸਿਕੰਦਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਰਹੇ।