- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਪਿੰਡ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਮੋਹਰ ਸਿੰਘ ਵਾਲਾ ਵਿਖੇ ਕਰੀਬ 100 ਏਕੜ ਝੋਨੇ ਦੀ ਫ਼ਸਲ ’ਚ ਪਾਣੀ ਭਰ ਜਾਣ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦਾ ਹਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਖੀ ਪ੍ਰੇਮ ਅਰੋੜਾ ਨੇ ਪਿੰਡ ਦਾ ਦੌਰਾ ਕੀਤਾ। ਉਨ੍ਹਾਂ ਪਾਣੀ ਨਾਲ ਭਰੇ ਖੇਤਾਂ ਦਾ ਜਾਇਜ਼ਾ ਲਿਆ, ਕਿਸਾਨਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੇਮ ਅਰੋੜਾ ਨੇ ਤੁਰੰਤ ਰਾਹਤ ਦੇ ਤੌਰ 'ਤੇ ਖੇਤਾਂ ਵਿੱਚੋਂ ਪਾਣੀ ਕੱਢਣ ਲਈ ਵਿੱਤੀ ਸਹਾਇਤਾ ਰਾਸ਼ੀ ਭੇਟ ਕੀਤੀ। ਮੀਂਹ ਪੈਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਤੇ ਮੁਸੀਬਤ ਦੀ ਹਰ ਘੜੀ ’ਚ ਕਿਸਾਨਾਂ ਨਾਲ ਡਟ ਕੇ ਖੜ੍ਹਾ ਰਹੇਗਾ।
ਪ੍ਰੇਮ ਅਰੋੜਾ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਸੀ। ਉਸ ਸਮੇਂ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ’ਚ ਪਾਣੀ ਦੀ ਨਿਕਾਸੀ ਲਈ ਪੰਪ ਸੈੱਟਾਂ ਅਤੇ ਡੀਜ਼ਲ ਦੇ ਪ੍ਰਬੰਧ ਵਾਸਤੇ 1.50 ਲੱਖ ਦੀ ਰਾਸ਼ੀ ਜਾਰੀ ਕਰਵਾਈ ਗਈ ਸੀ, ਪਰ ਪਿੰਡ ਪੰਚਾਇਤ ਵੱਲੋਂ ਲੁੜੀਂਦਾ ਮਤਾ ਪਾਸ ਨਾ ਕੀਤੇ ਜਾਣ ਕਾਰਨ ਉਸ ਰਾਸ਼ੀ ਦੀ ਵਰਤੋਂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਯੋਜਨਾ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਤਾਂ ਅੱਜ ਕਿਸਾਨਾਂ ਨੂੰ ਇੰਨੀ ਵੱਡੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪੈਂਦਾ।
ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਤੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਲੁੜੀਂਦੇ ਪ੍ਰਬੰਧ ਕਰਵਾਏ ਜਾਣਗੇ, ਤਾਂ ਜੋ ਭਵਿੱਖ ’ਚ ਮੀਂਹ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕੁਲਸ਼ੇਰ ਸਿੰਘ ਰੂਬਲ, ਸਾਬਕਾ ਪੰਚ ਸੁਖਵਿੰਦਰ ਸਿੰਘ, ਬਲਦੇਵ ਸਿੰਘ ਹਰੀਕਾ, ਭੁਪਿੰਦਰ ਸਿੰਘ ਕੂੰਨਰ, ਸਤਨਾਮ ਸਿੰਘ, ਭੋਲਾ ਸਿੰਘ, ਹਾਕਮ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।