ਯੂਥ ਫੈਸਟੀਵਲ ਲਈ ਰਾਇਲ ਕਾਲਜ ਬੋੜਾਵਾਲ ਦੇ ਵਿਦਿਆਰਥੀਆਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਦਿ ਰੌਇਲ ਕਾਲਜ ਔਫ ਫ਼ਿਜ਼ਿਕਲ ਐਜੂਕੇਸ਼ਨ
Publish Date: Mon, 19 Oct 2026 04:29 PM (IST)
Updated Date: Mon, 19 Oct 2026 04:30 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰਾਇਲ ਕਾਲਜ ਔਫ ਫ਼ਿਜ਼ਿਕਲ ਐਜੂਕੇਸ਼ਨ, ਬੋੜਾਵਾਲ ਦੇ ਵਿਦਿਆਰਥੀਆਂ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ 24 ਅਕਤੂਬਰ ਨੂੰ ਕਰਵਾਏ ਜਾ ਰਹੇ ਯੂਥ ਫੈਸਟੀਵਲ 2026 ਵਿੱਚ ਭਾਗ ਲੈਣ ਲਈ ਤਿਆਰੀਆਂ ਪੂਰ੍ਹੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਫ਼ੈਸਟੀਵਲ ਵਿਚ ਭਾਗ ਲੈਣ ਲਈ ਵਿਦਿਆਰਥੀ ਤੇ ਅਧਿਆਪਕ ਪੂਰੀ ਲਗਨ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਅਭਿਆਸ ਕਰ ਰਹੇ ਹਨ ਤਾਂ ਜੋ ਕਾਲਜ ਦਾ ਨਾਮ ਰੌਸ਼ਨ ਕੀਤਾ ਜਾ ਸਕੇ। ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵਿਦਿਆਰਥੀਆਂ ਨੇ ਕਈ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ ਹੈ। ਹੁਣ ਕਾਲਜ ਦਾ ਧਿਆਨ ਸਹਿ-ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਨ ਵੱਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਨ ਤੇ ਪੂਰੇ ਆਤਮ-ਵਿਸ਼ਵਾਸ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਇਹ ਯੂਥ ਫੈਸਟੀਵਲ 24 ਅਕਤੂਬਰ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਜਾਵੇਗਾ। ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਯੂਥ ਫੈਸਟੀਵਲ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਕਾਲਜ ਦੇ ਵਿਦਿਆਰਥੀ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।