- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸੂਬੇ ਦੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸੂਬੇ ਦੇ ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਸਿੱਖਿਆ ਦੀ ਕਾਇਆ ਪਲਟ ਕਰਨ ਵਰਗੇ ਨਾਅਰੇ ਦੇ ਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਨੇ ਸਿੱਖਿਆ ਕ੍ਰਾਂਤੀ ਦੇ ਝੂਠੇ ਨਾਅਰੇ ਦੇ ਸਿੱਖਿਆ ਨੂੰ ਹੀ ਖ਼ਤਮ ਕਰਨ ਦਾ ਬੀੜਾ ਚੁੱਕ ਲਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਹੇਠ ਡੀਟੀਐੱਫ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਹ ਸ਼ਬਦ ਪ੍ਰਗਟਾਏ। 10 ਅਪ੍ਰੈਲ 2026 ਨੂੰ ਡੀਐੱਸਈ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਨੰਬਰ. 202696171 ਵਿੱਚ ਮਿਡਲ ਸਕੂਲਾਂ ਵਿੱਚ ਗਿਣਤੀ ਦੇ ਅਧਾਰ ‘ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲ ਵਿੱਚੋਂ ਕਰਨ ਦੇ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੇ ਦਿੱਤੇ ਹਨ। ਪੰਜਾਬੀ, ਹਿੰਦੀ, ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਅੰਗਰੇਜ਼ੀ, ਸਰੀਰਕ ਸਿੱਖਿਆ, ਡਰਾਇੰਗ, ਕੰਪਿਊਟਰ ਅਤੇ ਖੇਤੀਬਾੜੀ ਵਰਗੇ 9 ਵਿਸ਼ਿਆਂ ਨੂੰ ਹੁਣ ਸਿਰਫ਼ 2 ਅਧਿਆਪਕ ਹੀ ਪੜ੍ਹਾਉਣਗੇ। ਆਗੂਆਂ ਨੇ ਦੱਸਿਆ ਕਿ ਛੇਵੀਂ ਤੋਂ ਉੱਪਰ ਦੀਆਂ ਕਲਾਸਾਂ ਨੂੰ ਵਿਸ਼ਾ ਅਧਿਆਪਕ ਪੜ੍ਹਾ ਸਕਦੇ ਹਨ, ਪਰ ਇਸ ਸਰਕਾਰ ਨੇ ਮਿਡਲ ਸਕੂਲਾਂ ਨੂੰ ਪ੍ਰਾਇਮਰੀ ਸਕੂਲਾਂ ਵਾਂਗ ਸਾਰੇ ਵਿਸ਼ੇ ਇੱਕ ਜਾਂ ਦੋ ਅਧਿਆਪਕਾਂ ਨੂੰ ਪੜ੍ਹਾਉਣ ਦਾ ਤੁਗਲਕੀ ਫੁਰਮਾਨ ਜ਼ਾਰੀ ਕਰ ਦਿੱਤਾ ਹੈ। ਉਪਰੋਕਤ ਪੱਤਰ ਵਿੱਚ 30 ਦੀ ਗਿਣਤੀ ਵਾਲੇ ਮਿਡਲ ਸਕੂਲਾਂ ’ਚ ਦੋ ਅਧਿਆਪਕ, 60 ਤੱਕ 3 ਅਧਿਆਪਕ ਅਤੇ 90 ਤੱਕ 4 ਅਧਿਆਪਕ ਹੀ ਰੱਖਣ ਦਾ ਹੁਕਮ ਦਿੱਤਾ ਹੈ ਅਤੇ ਇਸ ਗਿਣਤੀ ਤੋਂ ਵਧ ਰਹੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਹੋਰ ਸਕੂਲਾਂ ’ਚ ਕਰਨ ਦਾ ਹੁਕਮ ਦਿੱਤਾ ਹੈ।