ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਮਨਾਹੀ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ
Publish Date: Fri, 20 Feb 2026 06:08 PM (IST)
Updated Date: Sat, 21 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਕੂਲ ਸਿੱਖਿਆ ਬੋਰਡ, ਐੱਸਏਐੱਸ ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਤੇ ਕਾਨੂੰਨ ਤੇ ਵਿਵਸਥਾ ’ਚ ਨੁਕਸੇ ਅਮਨ ਪੈਦਾ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਦਿੱਤੇ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸਏਐੱਸ ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਫ਼ਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਆਮ ਤੌਰ ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ’ਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।