ਸਰਕਾਰੀ ਕੰਨਿਆ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਡਿਜੀਟਲ ਨਵੀਨਤਾ ਮੇਲਾ ਕਰਵਾਇਆ ਸਿੱਖਿਆ ਵਿਭਾਗ, ਪੰਜਾਬ ਦੇ ਆਦੇਸ਼ਾਂ ਅਨੁਸਾਰ
Publish Date: Thu, 19 Nov 2026 05:17 PM (IST)
Updated Date: Thu, 19 Nov 2026 05:19 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਿੱਖਿਆ ਵਿਭਾਗ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਡਾ. ਪਰਮਜੀਤ ਸਿੰਘ ਭੋਗਲ ਦੀ ਅਗਵਾਈ ਵਿਚ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫਤਾਰ ਦੀ ਦੇਖ ਰੇਖ ਹੇਠ ਸਰਕਾਰੀ ਕੰਨਿਆ ਸਕੂਲ, ਖਿਆਲਾ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਡਿਜ਼ੀਟਲ ਨਵੀਨਤਾ ਮੇਲਾ ਕਰਵਾਇਆ ਗਿਆ। ਮੇਲੇ ਦਾ ਆਗਾਜ਼ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਤਕਨਾਲੋਜੀ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਿਤ ਕਰਨਾ ਲਾਜ਼ਮੀ ਹੈ ਅਤੇ ਇਸ ਉਦੇਸ਼ ਦੀ ਪੂਰਤੀ ਵਿਚ ਡਿਜ਼ੀਟਲ ਨਵੀਨਤਾ ਮੇਲੇ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਇਸ ਡਿਜ਼ੀਟਲ ਮੇਲੇ ਵਿੱਚ ਪ੍ਰਦਰਸ਼ਿਤ ਮਾਡਲਾਂ ਨੂੰ ਵੇਖਿਆ ਅਤੇ ਵਿਦਿਆਰਥੀਆਂ ਦੇ ਉਦਮ ਦੀ ਪ੍ਰਸੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਇੰਨ੍ਹਾਂ ਮਾਡਲਾਂ ਨੂੰ ਵੱਡੇ ਪੱਧਰ ਤੇ ਅਮਲ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਨੀਲਮ ਰਾਣੀ ਨੇ ਦੱਸਿਆ ਕਿ ਮਿਸ਼ਨ ਰਫ਼ਤਾਰ ਅਧੀਨ ਕਰਵਾਏ ਇਸ ਤਕਨਾਲੋਜੀ ਮੇਲੇ ਵਿੱਚ ਜ਼ਿਲ੍ਹੇ ਦੇ ਤਕਰੀਬਨ 150 ਸਕੂਲਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਸੀ, ਜਿਸ ਵਿੱਚੋਂ 48 ਮਾਡਲਾਂ ਦੀ ਚੋਣ ਇਸ ਮੇਲੇ ਵਿੱਚ ਭਾਗ ਲੈਣ ਲਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 3100 ਰੁਪਏ, ਦੂਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 1100 ਰੁਪਏ ਨਕਦ ਰਾਸ਼ੀ ਅਤੇ ਟਰਾਫੀਆਂ ਦਿੱਤੀਆਂ ਗਈਆਂ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਜ਼ਿਲ੍ਹੇ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਸਨ ਅਤੇ ਜ਼ਿਲ੍ਹਾ ਮਾਨਸਾ ਦੇ 48 ਸਕੂਲਾਂ ਨੇ ਆਪਣੇ ਤਕਨੀਕੀ ਮਾਡਲਾਂ, ਨਵੇਂ ਵਿਚਾਰਾਂ ਅਤੇ ਰਚਨਾਤਮਕ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕੀਤਾ। ਮੇਲੇ ਦੌਰਾਨ ਵਿਦਿਆਰਥੀਆਂ ਨੇ ਰੋਬੋਟਿਕਸ, ਬਣਾਵਟੀ ਬੁੱਧੀਮਤਾ, ਕੰਪਿਊਟਰ ਪ੍ਰੋਗਰਾਮਿੰਗ, ਕਲਾਊਡ ਤਕਨਾਲੋਜੀ, ਵਸਤੂਆਂ ਦਾ ਇੰਟਰਨੈੱਟ, ਨਵੀਨਤਾ ਅਤੇ ਸਮੱਸਿਆਵਾਂ ਦੇ ਹੱਲ ਅਤੇ ਹਰਿਤ ਤਕਨਾਲੋਜੀ ਵਰਗੇ ਵਿਸ਼ਿਆਂ ਉੱਤੇ ਆਧਾਰਿਤ ਮਾਡਲ ਪੇਸ਼ ਕੀਤੇ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਡਿਜ਼ੀਟਲ ਨਵੀਨਤਾ ਮੇਲੇ ਵਿੱਚ ਸਰਕਾਰੀ ਹਾਈ ਸਕੂਲ ਝੰਡਾ ਕਲਾਂ ਨੇ ਪਹਿਲਾ ਸਥਾਨ, ਸਰਕਾਰੀ ਸੈਕੰਡਰੀ ਸਕੂਲ ਭਾਦੜਾ ਨੇ ਦੂਸਰਾ ਅਤੇ ਸਰਕਾਰੀ ਸੈਕੰਡਰੀ ਸਕੂਲ ਫੱਤਾ ਮਾਲੋਕਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੋਨਿਕਾ ਰਾਣੀ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।