ਚਤਰ ਸਿੰਘ, ਬੁਢਲਾਡਾ : 30 ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਰਿਲਾਇੰਸ ਪੰਪ ਬੁਢਲਾਡਾ ਦੇ ਅੱਗੇ ਮੰਗਲਵਾਰ ਨੂੰ 25 ਵੇ ਦਿਨ ਵੀ ਦਿਨ ਰਾਤ ਦਾ ਧਰਨਾ ਜਾਰੀ ਰਿਹਾ। ਜਿਸਨੂੰ ਸੰਬੋਧਨ ਕਰਦਿਆਂ ਬੀਕੇਯੂ (ਡਕੌਂਦਾ) ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਪੰਜਾਬ ਬਚਾਉਣ ਲਈ ਹਰ ਪਰਿਵਾਰ 'ਚੋਂ ਇਕ-ਇਕ ਵਿਅਕਤੀ ਕਿਸਾਨ ਜਥੇਬੰਦੀਆਂ ਵਿਚ ਭਰਤੀ ਹੋ ਕੇ ਇਕ ਮਜ਼ਬੂਤ ਜਥੇਬੰਦਕ ਤਾਕਤ ਬਣਕੇ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਨੂੰ ਬਚਾਉਣ ਲਈ ਮੋਦੀ ਸਰਕਾਰ ਦੇ ਕਿਸਾਨੀ ਤੇ ਦੇਸ਼ ਵਿਰੋਧੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੇ ਮੈਦਾਨ 'ਚ ਕੁੱਦਣ ਦੀ ਅਣਸਰਦੀ ਲੋੜ ਹੈ। ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੀਤਾ ਰਾਮ ਗੋਬਿੰਦਪੁਰਾ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਅਮਰੀਕ ਸਿੰਘ ਫਫੜੇ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ ਅਤੇ ਉਹਨਾਂ ਦੇ ਇਸ਼ਾਰਿਆਂ 'ਤੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ। ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਨੋਟਬੰਦੀ ਅਤੇ ਹੁਣ ਕੋਰੋਨਾ ਮਹਾਮਾਰੀ ਦੀ ਆੜ ਹੇਠ ਅਣਐਲਾਨੀ ਐਮਰਜੈਂਸੀ ਲਾ ਕੇ ਹਰ ਤਰ੍ਹਾਂ ਦੇ ਰੁਜ਼ਗਾਰ ਧੱਕੇ ਨਾਲ ਖਤਮ ਕਰ ਦਿੱਤਾ ਹੈ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਸਕਰਨ ਸਿੰਘ ਸ਼ੇਰਖਾਂ ਵਾਲਾ ਤੇ ਪ੍ਰਸ਼ੋਤਮ ਸਿੰਘ ਗਿੱਲ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਆਗੂ ਭੁਪਿੰਦਰ ਸਿੰਘ ਗੁਰਨੇ , ਕ੍ਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਬਲੀ ਅਟਵਾਲ, ਬਲਦੇਵ ਸਿੰਘ ਪਿਪਲੀਆ ਨੇ ਸਟੇਜ ਦੀ ਕਾਰਵਾਈ ਨਿਭਾਈ ਅਤੇ ਚਿੜੀਆਂ ਸਿੰਘ ਗੁਰਨੇ ਨੇ ਇਨਕਲਾਬੀ ਗੀਤ ਪੇਸ਼ ਕੀਤੇ।