ਪੱਤਰ ਪ੍ਰਰੇਰਕ, ਬੁਢਲਾਡਾ : ਮੰਗਲਵਾਰ ਨੂੰ ਸੰਯੁਕਤ ਕਿਸਾਨ ਸਭਾ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲੀ ਸਾਮਰਾਜੀ ਸੰਸਥਾ ਕੌਮਾਂਤਰੀ ਮੁਦਰਾ ਕੌਸ਼ ਦੀ ਅਰਥੀ ਸ਼ਹਿਰ ਦੇ ਪੈਟਰੋਲ ਪੰਪ ਨੇੜੇ ਸਾੜੀ ਗਈ ਅਤੇ ਕਿਸਾਨਾਂ ਨੇ ਤਿੱਖੀ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ , ਮਾ.ਜਸਵੰਤ ਸਿੰਘ ਫਫੜੇ ਭਾਈਕੇ , ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ ਅਤੇ ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ, ਸਾਮਰਾਜੀ ਸੰਸਥਾਵਾਂ ਕੌਮਾਂਤਰੀ ਮੁਦਰਾ ਕੋਸ਼, ਵਿਸ਼ਵ ਬੈਂਕ ਅਤੇ ਵਿਸ਼ਵ ਵਪਾਰ ਸੰਸਥਾ ਦੇ ਇਸ਼ਾਰਿਆ 'ਤੇ ਦੇਸ਼ ਦੇ ਕਰੋੜਾਂ ਲੋਕਾਂ ਤੋਂ ਰੋਟੀ-ਰੋਜ਼ੀ ਖੋਹ ਰਹੀ ਹੈ ਅਤੇ ਦੇਸ਼ ਨੂੰ ਮੁੜ ਤੋਂ ਗੁਲਾਮੀ ਵਾਲੇ ਪਾਸੇ ਤੋਰ ਰਹੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਰਤੀ ਕੇਂਦਰ ਸਰਕਾਰ ਵਿਰੁੱਧ ਲਾਮਬੰਦ ਅਤੇ ਜਥੇਬੰਦ ਹੋ ਰਹੇ ਹਨ ਅਤੇ ਸਰਕਾਰ ਦੇ ਲੋਕ ਮਾਰੂ ਫੈਸਲੇ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਅੌਰਤਾਂ ਹਾਜ਼ਰ ਸਨ।