- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ

- 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਫੂਕ ਕੇ ਮਨਾਇਆ ਕਾਲਾ ਦਿਵਸ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਜ਼ਿਲ੍ਹਾ ਮਾਨਸਾ ਵਿਖੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ੋਰਦਾਰ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਲੰਘਦੀ ਮੁੱਖ ਸੜਕ ’ਤੇ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਇਆ ਗਿਆ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਨੂੰ ਜਾਰੀ ਕੀਤਾ ਗਿਆ ਪੱਤਰ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਦਾ ਸੋਸ਼ਣ ਹੈ, ਜਿਸ ਤਹਿਤ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਕੇਂਦਰੀ ਪੈਟਰਨ ਲਾਗੂ ਕਰ ਕੇ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਜ਼ੋਰਦਾਰ ਮੰਗ ਕੀਤੀ। ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਲਖਨ ਲਾਲ ਮੌੜ, ਸਿਕੰਦਰ ਸਿੰਘ ਘਰਾਂਗਣਾ, ਗੁਰਦਰਸ਼ਨ ਸਿੰਘ ਪੈਨਸ਼ਨਰ ਯੁਨੀਅਨ, ਜਸਵੰਤ ਸਿੰਘ ਮੌਜੋ ਮੁਲਾਜ਼ਮ ਆਗੂ ਅਤੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਮੁਲਾਜ਼ਮ ਮਾਰੂ ਨੀਤੀਆਂ ਦੀ ਤਿੱਖੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੰਜਾਬ ਦੇ ਰਵਾਇਤੀ ਪੈਟਰਨ ਮੁਤਾਬਿਕ ਪੂਰੇ ਵਿੱਤੀ ਲਾਭ ਦਿੱਤੇ ਜਾਣ। ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਦਾ ਨੋਟੀਫ਼ਿਕੇਸ਼ਨ ਹੂ-ਬ-ਹੂ ਅਤੇ ਮੁਕੰਮਲ ਰੂਪ ਵਿੱਚ ਲਾਗੂ ਕੀਤਾ ਜਾਵੇ। ਕੱਚੇ, ਦਿਹਾੜੀਦਾਰ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਪੱਕਾ ਕੀਤਾ ਜਾਵੇ। ਪੈਨਸ਼ਨਰਾਂ ਦੀਆਂ ਪੈਂਡਿੰਗ ਮੰਗਾਂ ਅਤੇ ਡੀਏ ਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ।
ਰੈਲੀ ਵਿੱਚ ਜ਼ਿਲ੍ਹੇ ਭਰ ਦੇ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਤੋਂ ਇਲਾਵਾ ਹਾਜ਼ਰ ਆਗੂਆਂ ਵਿੱਚ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ (ਪਸਸਫ) ਦੇ ਵੱਖ-ਵੱਖ ਗਰੁੱਪਾਂ ਦੇ ਆਗੂ ਹਰਪਾਲ ਸਿੰਘ ਸੱਜਣ ਗਰੁੱਪ, ਜੱਗਾ ਸਿੰਘ ਰਾਣਾ ਗਰੁੱਪ, ਬਿੱਕਰ ਸਿੰਘ ਬਗਿਆਨ ਗਰੁੱਪ ਰਵਨੀਸ਼ ਕੁਮਾਰ, ਕਮਲ ਸ਼ਰਮਾ, ਹੁਸਨਪ੍ਰੀਤ ਸ਼ਰਮਾ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ ਵਿਰਕ, ਸੰਦੀਪ ਸਿੰਘ ਵਾਲੀਆ, ਬੂਟਾ ਸਿੰਘ, ਕੁਲਵਿੰਦਰ ਸਿੰਘ, ਰਾਕੇਸ਼ ਕੁਮਾਰ ਵਿਸ਼ਾਲ ਫ਼ਾਰਮੇਸੀ ਅਫ਼ਸਰ ਤੋਂ ਇਲਾਵਾ ਪੁਲਿਸ ਐਸੋਸੀਏਸ਼ਨ ਵੱਲੋਂ ਦਰਸ਼ਨ ਕੁਮਾਰ, ਸੁਖਵਿੰਦਰ ਕੌਰ ਸੁੱਖੀ, ਦਰਸ਼ਨ ਸਿੰਘ ਅਲੀਸ਼ੇਰ, ਓਮ ਪ੍ਰਕਾਸ਼ ਜ਼ਿੰਦਲ, ਦਰਸ਼ਨ ਸਿੰਘ ਜੋਗਾ, ਪਸ਼ੂ ਪਾਲਣ ਵਿਭਾਗ ਵੱਲੋਂ ਲਛਮਣ ਸਿੰਘ, ਬਿੱਕਰ ਸਿੰਘ ਮਵਾਖਾ, ਹਿੰਮਤ ਸਿੰਘ ਦੂਲੋਵਾਲ, ਸੇਵਕ ਸਿੰਘ ਭਿੱਖੀ, ਰਾਮ ਸਿੰਘ ਖੋਖਰ, ਪ੍ਰਦੀਪ ਖੋਖਰ, ਅੰਮ੍ਰਿਤਪਾਲ ਜੋਈਆਂ, ਖੇਤੀਬਾੜੀ ਵਿਭਾਗ ਤੋਂ ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਬੇਲਦਾਰ ਯੂਨੀਅਨ ਦੇ ਗੁਰਪ੍ਰੀਤ ਸਿੰਘ, ਦਸੌਂਦਾ ਸਿੰਘ ਬਹਾਦਰਪੁਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਡੀਸੀ ਦਫ਼ਤਰ ਦੇ ਸਾਹਮਣੇ ਮੇਨ ਸੜਕ ’ਤੇ ਪੱਤਰ ਫੂਕਣ ਤੋਂ ਬਾਅਦ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। 7 ਅਗਸਤ 2026 ਨੂੰ ਮੁਹਾਲੀ ਵਿਖੇ ਹੋਣ ਜਾ ਰਹੀ ਮਹਾਂ ਰੈਲੀ ਵਿੱਚ ਜ਼ਿਲ੍ਹਾ ਮਾਨਸਾ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।