ਭਗਵੰਤ ਮਾਨ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁਮਰਾਹ: ਕੁਲਵੰਤ ਰਾਏ ਸਿੰਗਲਾ ਪੰਜਾਬ ਦੀ ਆਮ ਆਦਮੀ ਪਾਰਟੀ
Publish Date: Sun, 29 Nov 2026 04:40 PM (IST)
Updated Date: Sun, 29 Nov 2026 04:41 PM (IST)
ਗਰੀਬ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਲਾਸ਼ ਘਰ ਲਿਜਾਣ ਲਈ ਵੀ ਨਹੀਂ ਮਿਲੀ ਐਂਬੂਲੈਂਸ, ਤਿੰਨ ਪਹੀਆਂ ਵਾਲੀ ਰੇਹੜੀ ’ਤੇ ਲਿਜਾਣਾ ਪਿਆ : ਕੁਲਵੰਤ ਰਾਏ ਸਿੰਗਲਾ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਸਿੱਖਿਆ ਕ੍ਰਾਂਤੀ ਅਤੇ ਹੁਣ ਸਿਹਤ ਕ੍ਰਾਂਤੀ ਦੇ ਨਾਂ ’ਤੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਮਾਨਸਾ ਵਿਖੇ ਉਸ ਸਮੇਂ ਸਾਹਮਣੇ ਆਈ, ਜਦੋਂ ਇਕ ਗਰੀਬ ਵਿਅਕਤੀ ਦੀ ਨਾਲੇ ਵਿਚ ਡਿੱਗਣ ਕਾਰਨ ਮੌਤ ਹੋਣ ਬਾਅਦ ਉਸ ਦੇ ਪਰਿਵਾਰ ਨੂੰ ਹਸਪਤਾਲ ਤੋਂ ਲਾਸ਼ ਘਰ ਲਿਜਾਣ ਲਈ ਵੀ ਐਂਬੂਲੈਂਸ ਨਸੀਬ ਨਹੀਂ ਹੋਈ। ਬੇਹੱਦ ਦੁਖਦਾਈ ਗੱਲ ਹੈ ਕਿ ਪਹਿਲਾਂ ਪਰਿਵਾਰ ਨੂੰ ਤਿੰਨ ਪਹੀਆਂ ਵਾਲੀ ਰੇਹੜੀ ’ਤੇ ਉਸ ਵਿਅਕਤੀ ਨੂੰ ਹਸਪਤਾਲ ਲਿਆਉਣਾ ਪਿਆ ਅਤੇ ਮੌਤ ਤੋਂ ਬਾਅਦ ਵੀ ਸਰਕਾਰੀ ਸਿਹਤ ਪ੍ਰਬੰਧਾਂ ਦੀ ਨਾਕਾਮੀ ਕਾਰਨ ਪਰਿਵਾਰ ਨੂੰ ਲਾਸ਼ ਘਰ ਲਿਜਾਣ ਲਈ ਕੋਈ ਐਂਬੂਲੈਂਸ ਨਹੀਂ ਮਿਲੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਇਸ਼ਤਿਹਾਰਾਂ ਤੇ ਫ਼ਲੈਕਸ ਬੋਰਡਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਮ ਗਰੀਬ ਵਿਅਕਤੀ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਵੀ ਪ੍ਰਾਪਤ ਨਹੀਂ ਹੋ ਰਹੀਆਂ। ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਬਹੁਤ ਵੱਡਾ ਅੰਤਰ ਹੈ। ਸਿਰਫ਼ ਫਲੈਕਸ ਬੋਰਡ ਲਗਾਉਣ ਅਤੇ ਇਸ਼ਤਿਹਾਰਬਾਜ਼ੀ ਕਰਨ ਨਾਲ ਨਾ ਤਾਂ ਸਿਹਤ ਸਹੂਲਤਾਂ ਵਿੱਚ ਸੁਧਾਰ ਆ ਸਕਦਾ ਹੈ ਅਤੇ ਨਾ ਹੀ ਸਿੱਖਿਆ ਜਾਂ ਵਿਕਾਸ ਦੀ ਕੋਈ ਕ੍ਰਾਂਤੀ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਦੁਖਦਾਈ ਸਥਿਤੀ ਹੈ ਕਿ ਪੰਜਾਬ ਵਰਗੇ ਅਗਾਂਹਵਧੂ ਸੂਬੇ ਵਿੱਚ ਇੱਕ ਗਰੀਬ ਪਰਿਵਾਰ ਨੂੰ ਆਪਣੇ ਮ੍ਰਿਤਕ ਪਰਿਵਾਰਕ ਮੈਂਬਰ ਦੀ ਦੇਹ ਘਰ ਲਿਜਾਣ ਲਈ ਵੀ ਪ੍ਰਬੰਧ ਨਹੀਂ ਮਿਲ ਸਕਿਆ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ਼ਤਿਹਾਰਾਂ ਦੀ ਦੁਨੀਆ ਵਿੱਚੋਂ ਬਾਹਰ ਨਿਕਲ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਵੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਮਾਨਸਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ, ਤਾਂ ਜੋ ਇਸ ਪੱਛੜੇ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲ ਸਕਣ ਅਤੇ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ਼ਤਿਹਾਰਾਂ ਅਤੇ ਫੋਕੇ ਵਾਅਦਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ ਸਰਕਾਰ ਦੀ ਲੋੜ ਹੈ। ਲੋਕਾਂ ਦੀ ਸਿਹਤ, ਸਿੱਖਿਆ ਅਤੇ ਮੁੱਢਲੀਆਂ ਸਹੂਲਤਾਂ ਕਿਸੇ ਵੀ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।