2027 ਲਈ ਪੰਜਾਬ ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ : ਜਗਜੀਤ ਸਿੰਘ ਮਿਲਖਾ 2027 ਪੰਜਾਬ ਵਿਧਾਨ ਸਭਾ ਚੋਣਾਂ ਦੇ
Publish Date: Sat, 22 Aug 2026 06:18 PM (IST)
Updated Date: Sat, 22 Aug 2026 06:21 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ 2027 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀਆਂ ਸੰਗਠਨਾਤਮਕ ਅਤੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਦੀ ਕਮਾਨ ਕੇਵਲ ਸਿੰਘ ਢਿੱਲੋਂ ਨੂੰ ਸੌਂਪੇ ਜਾਣ ਬਾਅਦ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਸੰਪਰਕ ਵਧਾਉਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਇੰਚਾਰਜ ਜਗਜੀਤ ਸਿੰਘ ਮਿਲਖਾ ਨੇ ਕਰਦਿਆਂ ਕਿਹਾ ਕਿ ਭਾਜਪਾ ਦੀ ਰਣਨੀਤੀ ਤਹਿਤ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਪਾਰਟੀ ਦੇ ਢਾਂਚੇ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਪੰਜਾਬ ਵਿਚ 36 ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨਾ ਵੀ ਇਸੇ ਸੰਗਠਨਾਤਮਕ ਮੁਹਿੰਮ ਦਾ ਹਿੱਸਾ ਹੈ। ਪੰਜਾਬ ਦੇ ਸਿਆਸੀ ਸਮੀਕਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਸਿੱਖ ਭਾਈਚਾਰੇ ਸਮੇਤ ਹਰ ਵਰਗ ਤੱਕ ਪਹੁੰਚ ਬਣਾਉਣਾ ਪਾਰਟੀ ਦੀ ਰਣਨੀਤੀ ਦਾ ਅਹਿਮ ਪੱਖ ਮੰਨਿਆ ਜਾ ਰਿਹਾ ਹੈ। ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਵੀ ਪੰਜਾਬ ਵਿੱਚ ਪਾਰਟੀ ਦੀ ਪਹੁੰਚ ਵਧਾਉਣ ਅਤੇ ਸੰਗਠਨ ਨੂੰ ਨਵਾਂ ਰੂਪ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਹਾਈਕਮਾਂਡ ਵੱਲੋਂ ਡਾ. ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਸੂਬਾ ਇੰਚਾਰਜ ਬਣਾਉਣ ਦੇ ਨਾਲ-ਨਾਲ, ਸੀ ਆਰ ਪਾਟਿਲ ਨੂੰ ਪੰਜਾਬ ਦੀ ਚੋਣੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਪਾਰਟੀ ਵੱਲੋਂ ਇਸ ਕਦਮ ਨੂੰ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਅਤੇ ਚੋਣੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਇੰਚਾਰਜ ਜਗਜੀਤ ਸਿੰਘ ਮਿਲਖਾ ਨੇ ਕਿਹਾ ਕਿ ਉਨ੍ਹਾ ਨੇ ਪਾਰਟੀ ਵਰਕਰਾਂ ਨਾਲ ਤਾਲਮੇਲ, ਲੋਕ ਸੰਪਰਕ ਅਤੇ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ। ਭਾਜਪਾ ਦਾ ਨਿਸ਼ਾਨਾ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਭਰ ਵਿੱਚ ਆਪਣਾ ਜਥੇਬੰਦਕ ਆਧਾਰ ਮਜ਼ਬੂਤ ਕਰਕੇ ਚੋਣ ਮੈਦਾਨ ਵਿੱਚ ਮਜ਼ਬੂਤੀ ਨਾਲ ਉਤਰਨਾ ਹੈ। ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਹੋਰ ਮੌਜੂਦ ਸਨ।