- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ

ਸੰਗਰੂਰ ਦੀ ਕਾਂਗਰਸ ਰੈਲੀ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ : ਕਾਂਗੜ, ਕੋਟਲੀ, ਸਿੰਗਲਾ
ਸੰਗਰੂਰ ਰੈਲੀ ਵਿਚ ਇਕ ਲੱਖ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ,
ਪੰਜਾਬ ਸਰਕਾਰ ਲਈ ਆਖਰੀ ਕਿੱਲ ਸਾਬਤ ਹੋਵੇਗੀ ਰੈਲੀ: ਕੁਲਵੰਤ ਰਾਏ ਸਿੰਗਲਾ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਵਿਸ਼ਾਲ ਰੈਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਤੇ ਹੁਣ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਉਹ ਅੱਜ ਭੀਖੀ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸਾਬਕਾ ਮੰਤਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਲੋਕਤੰਤਰੀ ਪ੍ਰਬੰਧ ਦੀ ਥਾਂ ਪੁਲਿਸ ਰਾਜ ਵਰਗੇ ਹਾਲਾਤ ਪੈਦਾ ਹੋ ਗਏ ਹਨ ਤੇ ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਮੋੜ ਸਾਬਤ ਹੋਵੇਗੀ। ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਰੈਲੀ ਦੌਰਾਨ ਪੰਜਾਬ ਸਰਕਾਰ ਦੇ ਕਾਰਜਕਾਲ ਦੀ ਕਾਰਗੁਜ਼ਾਰੀ ਦਾ ਪੂਰਾ ਲੇਖਾ-ਜੋਖਾ ਲੋਕਾਂ ਸਾਹਮਣੇ ਪੇਸ਼ ਕਰਨਗੇ ਅਤੇ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਤੇ ਉਨ੍ਹਾਂ ਦੀ ਪੂਰਤੀ ਬਾਰੇ ਸਵਾਲ ਉਠਾਉਣਗੇ। ਕਾਂਗੜ ਤੇ ਕੋਟਲੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਵਧ ਰਹੀਆਂ ਹਨ ਅਤੇ ਦਿਨ-ਦਿਹਾੜੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੇ ਨਾਲ ਹੀ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਨੂੰ ਲੈ ਕੇ ਵੀ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ, ਪਰ ਜ਼ਮੀਨੀ ਪੱਧਰ ’ਤੇ ਹਾਲਾਤਾਂ ਵਿੱਚ ਉਮੀਦ ਅਨੁਸਾਰ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਰੱਖਿਆ, ਇਨਸਾਫ਼ ਤੇ ਨਸ਼ਾ ਮੁਕਤ ਸਮਾਜ ਦੀ ਮੰਗ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਗਰੂਰ ਰੈਲੀ ਵਿਚ ਲੋਕਾਂ ਦੀਆਂ ਸਮੱਸਿਆਵਾਂ, ਸਰਕਾਰ ਦੀ ਕਾਰਗੁਜ਼ਾਰੀ ਤੇ ਸੂਬੇ ਦੇ ਮੌਜੂਦਾ ਹਾਲਾਤ ਮੁੱਖ ਮੁੱਦੇ ਹੋਣਗੇ। ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰੇਗੀ ਅਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਸੰਗਰੂਰ ਰੈਲੀ ਵਿਚ ਇਕ ਲੱਖ ਤੋਂ ਵੀ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਸਰਕਾਰ ਲਈ ਆਖਰੀ ਕਿੱਲ ਸਾਬਤ ਹੋਵੇਗੀ ਅਤੇ ਸੂਬੇ ਵਿੱਚ ਬਦਲਾਅ ਦੀ ਨਵੀਂ ਲਹਿਰ ਪੈਦਾ ਕਰੇਗੀ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਪੰਜਾਬ ਦੀ ਬਿਹਤਰੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਏਕਤਾ ਨਾਲ ਰੈਲੀ ਵਿੱਚ ਸ਼ਾਮਲ ਹੋਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ।
ਇਸ ਮੌਕੇ ਅਜੀਤ ਇੰਦਰ ਸਿੰਘ ਮੋਫ਼ਰ, ਬਲਕੌਰ ਸਿੰਘ ਮੂਸੇਵਾਲਾ, ਮਾਈਕਲ ਗਾਗੋਵਾਲ, ਨਾਜ਼ਰ ਸਿੰਘ ਮਾਨਸ਼ਾਹੀਆ, ਚਮਕੌਰ ਸਿੰਘ ਮੂਸੇਵਾਲਾ, ਗੁਰਪ੍ਰੀਤ ਸਿੰਘ ਵਿੱਕੀ, ਇੰਦਰਜੀਤ ਸਿੰਘ ਭੀਖੀ, ਹਰਵਿੰਦਰ ਕੌਰ ਸਿੱਧੂ, ਸਤਪਾਲ ਸਿੰਘ ਮੂਲੇਵਾਲਾ, ਮਨਜੀਤ ਸਿੰਘ ਰਾਣਾ, ਰਣਦੀਪ ਸਿੰਘ ਰਾਏਪੁਰ, ਵਿਨੋਦ ਸਿੰਗਲਾ, ਕੁਲਦੀਪ ਸਿੰਘ, ਸਵਰਨ ਸਿੰਘ, ਹਰਵਿੰਦਰ ਦੀਪ ਸੀਵੀਟੀ, ਨੰਦੀ ਸ਼ਰਮਾ, ਜਗਸੀਰ ਸਿੰਘ, ਲਾਡੀ ਢਿੱਲੋਂ, ਅਮਰੀਕ ਢਿੱਲੋਂ, ਮੱਖਣ ਸ਼ਰਮਾ, ਅਨੂੰ ਸ਼ਰਮਾ, ਰਣਵੀਰ ਕੌਰ, ਹਰਵਿੰਦਰ ਕੌਰ ਸਿੱਧੂ, ਸੰਤੋਸ਼ ਮਹੰਤ, ਸਤਗੁਰ ਸਿੰਘ ਜਲਵੇੜਾ, ਮਨਦੀਪ ਗੋਰਾ, ਅਮਨ ਕੁਮਾਰ ਧਾਪੀ, ਮੋਹਨ ਸਿੰਘ ਖੁਡਾਲ, ਜ਼ਿੰਮੀ ਗਰਗ ਆਦਿ ਵੀ ਹਾਜ਼ਰ ਸਨ।