- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੱਚਤ ਭਵਨ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੱਚਤ ਭਵਨ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਆਖਿਆ ਕਿ ਨਸ਼ਿਆਂ ਦੀ ਇਸ ਅੱਗ ਨੂੰ ਆਪਣੇ ਘਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਸਮੁੱਚੇ ਸਮਾਜ ਨੂੰ ਇਕਜੁੱਟ ਹੋ ਕੇ ਨਿਰਣਾਇਕ ਹੰਭਲਾ ਮਾਰਨਾ ਹੋਵੇਗਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਜਿੱਥੇ ਨਸ਼ਾ ਤਸਕਰੀ 'ਤੇ ਨਕੇਲ ਕੱਸ ਰਹੀ ਹੈ, ਉੱਥੇ ਹੀ ਨਸ਼ਾ ਪੀੜ੍ਹਤਾਂ ਦੇ ਮੁਫ਼ਤ ਇਲਾਜ ਲਈ ਵੀ ਵਚਨਬੱਧ ਹੈ।
ਉਨ੍ਹਾਂ ਚੇਤਾਵਨੀ ਦਿੰਦਿਆਂ ਅਪੀਲ ਕੀਤੀ ਕਿ ਨਸ਼ਾ ਛੁਡਾਊ ਕੇਂਦਰਾਂ ਦੀ ਦਵਾਈ ਨੂੰ ਨਸ਼ੇ ਦੇ ਵਿਕਲਪ ਵਜੋਂ ਵਰਤਣ ਦੀ ਬਜਾਏ, ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀ ਦੇਖ - ਰੇਖ ਹੇਠ ਇਸ ਦੀ ਮਾਤਰਾ ਹੌਲੀ - ਹੌਲੀ ਘਟਾ ਕੇ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਅਰੋਗ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦਵਾਈਆਂ ਦੀ ਬਲੈਕ - ਮਾਰਕੀਟਿੰਗ ਅਤੇ ਗੱਲਤ ਵਰਤੋਂ ਰੋਕਣ ਲਈ ਸ਼ਰਾਰਤੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇ। ਚੋਰੀ ਦੀਆਂ ਘਟਨਾਵਾਂ ਅਤੇ ਨਸ਼ੇ ਦੇ ਗੱਠਜੋੜ 'ਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕਬਾੜੀਆਂ ਲਈ ਰਜਿਸਟਰ ਲਗਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਾਮਾਨ ਵੇਚਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖ ਕੇ ਅਪਰਾਧਿਕ ਅਨਸਰਾਂ ਅਤੇ ਚੋਰੀ ਦੇ ਸਮਾਨ ਦੀ ਆਸਾਨੀ ਨਾਲ ਨਿਸ਼ਾਨਦੇਹੀ ਹੋ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਾ ਤਸਕਰਾਂ ਦੀ ਕਿਸੇ ਵੀ ਕੀਮਤ 'ਤੇ ਹਮਾਇਤ ਨਾ ਕਰਨ ਦਾ ਸੱਦਾ ਦਿੱਤਾ। ਨੌਜਵਾਨੀ ਨੂੰ ਸਮਾਜਿਕ ਬੁਰਾਈਆਂ ਤੋਂ ਮੋੜਨ ਲਈ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਜਵਾਨੀ ਦੀ ਊਰਜ਼ਾ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ 'ਵਿਲੇਜ਼ ਡਿਫੈਂਸ ਕਮੇਟੀਆਂ' ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਅਸਮਾਜਿਕ ਅਨਸਰ ਭੋਲੇ-ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਨਸ਼ਿਆਂ ਦੇ ਦਲਦਲ ਵਿੱਚ ਨਾ ਧੱਕ ਸਕੇ। ਇਸ ਮੌਕੇ ਮੁਹਿੰਮ ਦੇ ਜ਼ੋਨਲ ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਦੱਸਿਆ ਕਿ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ ਅਤੇ ਵਲੰਟੀਅਰ ਸਭ ਰਲਮਿਲ ਕੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਲਈ ਪੂਰੀ ਤਰ੍ਹਾਂ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਅਤੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਾਥ ਜ਼ਰੂਰੀ ਹੈ।
ਇਸ ਤੋਂ ਇਲਾਵਾ, ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਰੱਖਣ ਲਈ ਲਗਾਤਾਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਉਹ ਦੁਬਾਰਾ ਇਸ ਬੁਰਾਈ ਵਿੱਚ ਨਾ ਫਸ ਜਾਣ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹਰ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਅਤੇ ਹਰ ਸ਼ਹਿਰ ਵਿੱਚ ਵਾਰਡ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਨਿਰੰਤਰ ਹਲਕਾ ਪੱਧਰ, ਬਲਾਕ ਪੱਧਰ ਤੇ ਕਮੇਟੀ ਪੱਧਰ ਉਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਪੀੜ੍ਹਤਾਂ ਨੂੰ ਅਪਰਾਧੀ ਨਹੀਂ, ਸਗੋਂ ਮਰੀਜ਼ ਮੰਨ ਕੇ ਉਨ੍ਹਾਂ ਦੀ ਕਾਊਂਸਲਿੰਗ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਯਤਨ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿੱਚ 118 ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਕਿ ਬੱਚੇ ਤੇ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਸਹੀ ਦਿਸ਼ਾ ਮਿਲੇ।
ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਨਕੇਲ ਕੱਸਣ ਲਈ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਮਾੜੇ ਅਨਸਰਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ ਅਤੇ ਬਿਨਾਂ ਦੇਰੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਨਾਗਰਿਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੀ ਪੀੜ੍ਹੀ ਨੂੰ ਖੋਖਲਾ ਕਰਦਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੀ ਕਾਲੀ ਦਲਦਲ ਵਿੱਚ ਫਸੇ ਲੋਕਾਂ ਨੂੰ ਬਚਾਉਣਾ ਹੁਣ ਸਿਰਫ਼ ਇੱਕ ਸਰਕਾਰੀ ਡਿਊਟੀ ਨਹੀਂ, ਸਗੋਂ ਸਾਡਾ ਸਭ ਦਾ ਧਰਮ ਅਤੇ ਸਮਾਜਿਕ ਫ਼ਰਜ਼ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਪ੍ਰਧਾਨ ਨਗਰ ਕੌਂਸਲ ਭੂਸ਼ਣ ਕੁਮਾਰ ਮੱਤੀ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਲਖਵਿੰਦਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਕਿਰਤਪਾਲ ਸਿੰਘ ਕੀਰਤੀ, ਚੇਅਰਮੈਨ ਮਾਰਕੀਟ ਕਮੇਟੀ ਰਮੇਸ਼ ਖਿਆਲਾ, ਟਰੇਡ ਯੂਨੀਅਨ ਪ੍ਰਧਾਨ ਆਸ਼ੂ ਬਾਂਸਲ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।