ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ : ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ
Publish Date: Fri, 30 Oct 2026 08:24 PM (IST)
Updated Date: Sat, 31 Oct 2026 04:05 AM (IST)
ਕਿਹਾ- ਕਾਂਗਰਸ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਕੀਤਾ ਜਾਵੇਗਾ ਖ਼ਤਮ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕ ਮਜ਼ਬੂਤੀ ਵਿੱਚ ਵਪਾਰੀਆਂ ਦਾ ਯੋਗਦਾਨ ਬੇਮਿਸਾਲ ਹੈ। ਵਪਾਰੀਆਂ, ਛੋਟੇ ਦੁਕਾਨਦਾਰਾਂ ਅਤੇ ਛੋਟੀਆਂ ਸਨਅਤੀ ਇਕਾਈਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਇੰਸਪੈਕਟਰੀ ਰਾਜ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਪ੍ਰਗਟ ਸਿੰਘ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਰਿਆਣਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸੁਰੇਸ਼ ਕੁਮਾਰ ਨੰਦਗੜ੍ਹੀਆ ਦੀ ਦੁਕਾਨ ’ਤੇ ਪਹੁੰਚ ਕੇ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ, ਉਨ੍ਹਾਂ ਦੀਆਂ ਮੰਗਾਂ ਅਤੇ ਪੰਜਾਬ ਦੇ ਵਪਾਰਕ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ - ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਢੁੱਕਵੇਂ ਮੰਚਾਂ ’ਤੇ ਉਠਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੇ ਹਮੇਸ਼ਾ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਬਾਜ਼ਾਰਾਂ ਵਿੱਚ ਕਾਰੋਬਾਰ ਚਲਾਉਣ ਵਾਲੇ ਦੁਕਾਨਦਾਰਾਂ ਤੋਂ ਲੈ ਕੇ ਛੋਟੀਆਂ ਸਨਅਤੀ ਇਕਾਈਆਂ ਤੱਕ, ਹਰ ਵਰਗ ਸੂਬੇ ਦੀ ਆਰਥਿਕਤਾ ਨੂੰ ਗਤੀ ਦੇਣ ਦੇ ਨਾਲ-ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਦਾ ਹੈ। ਇਸ ਲਈ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨਾ ਸੂਬੇ ਦੇ ਆਰਥਿਕ ਵਿਕਾਸ ਲਈ ਨੁਕਸਾਨਦੇਹ ਹੋ ਸਕਦਾ ਹੈ। ਸਰਕਾਰ ਦੀਆਂ ਨੀਤੀਆਂ ਅਜਿਹੀਆਂ ਹੋਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਕਾਰੋਬਾਰ ਕਰਨਾ ਆਸਾਨ ਹੋਵੇ ਅਤੇ ਵਪਾਰੀਆਂ ਨੂੰ ਬੇਲੋੜੀਆਂ ਦਫ਼ਤਰੀ ਕਾਰਵਾਈਆਂ ਤੇ ਜਾਂਚਾਂ ਕਾਰਨ ਪ੍ਰੇਸ਼ਾਨ ਨਾ ਹੋਣਾ ਪਵੇ। ਇੰਸਪੈਕਟਰੀ ਰਾਜ ਕਾਰਨ ਕਾਰੋਬਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਖ਼ਤਮ ਕਰਨਾ ਪਾਰਟੀ ਦੀ ਤਰਜੀਹ ਹੋਵੇਗੀ, ਤਾਂ ਜੋ ਵਪਾਰੀ ਬਿਨਾਂ ਕਿਸੇ ਬੇਲੋੜੇ ਦਬਾਅ ਦੇ ਆਪਣਾ ਕਾਰੋਬਾਰ ਚਲਾ ਸਕਣ। ਉਨ੍ਹਾਂ ਕਿਹਾ ਕਿ ਵਪਾਰਕ ਖੇਤਰ ਨੂੰ ਉਤਸ਼ਾਹਿਤ ਕਰਨ ਨਾਲ ਨਵੇਂ ਰੁਜ਼ਗਾਰ ਪੈਦਾ ਹੋਣਗੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਲਈ ਵਪਾਰਕ ਖੇਤਰ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਜਦੋਂ ਵਪਾਰ ਵਧਦਾ ਹੈ ਤਾਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ, ਲੋਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ ਅਤੇ ਬਾਜ਼ਾਰਾਂ ਵਿੱਚ ਖ਼ਰੀਦੋ-ਫ਼ਰੋਖ਼ਤ ਵਧਦੀ ਹੈ। ਇਸ ਨਾਲ ਸਮੁੱਚੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹੀ ਹੈ। ਇਸ ਮੌਕੇ ਅਜੀਤਇੰਦਰ ਸਿੰਘ ਮੋਫਰ, ਬਿਕਰਮ ਸਿੰਘ ਮੋਫਰ, ਬਲਕੌਰ ਸਿੰਘ ਮੂਸਾ, ਅਮਰੀਕ ਸਿੰਘ ਢਿੱਲੋਂ, ਇੰਦਰਜੀਤ ਸਿੰਘ, ਸਤਗੁਰ ਸਿੰਘ ਜਲਵੇੜਾ, ਮੱਖਣ ਲਾਲ ਸ਼ਰਮਾ, ਅਨੂ ਸ਼ਰਮਾ, ਮਨਦੀਪ ਸਿੰਘ ਗੋਰਾ, ਮੋਹਨ ਸਿੰਘ ਸਾਬਕਾ ਸਰਪੰਚ, ਰਾਕੇਸ਼ ਕੁਮਾਰ, ਜਿੰਮੀ ਗਰਗ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।