ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਸਬੰਧੀ ਕਾਂਗਰਸੀ ਪੱਬਾਂ ਭਾਰ
ਰਾਹੁਲ ਗਾਂਧੀ ਦੀ ਬਰਨਾਲਾ
Publish Date: Wed, 25 Feb 2026 06:06 PM (IST)
Updated Date: Thu, 26 Feb 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਨੂੰ ਲੈ ਕੇ ਕਾਂਗਰਸੀ ਸਰਗਰਮ ਹੋਏ ਦਿਖਾਈ ਦੇ ਰਹੇ ਹਨ। ਮਾਨਸਾ ਦੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ 28 ਫ਼ਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਸੰਗਰਾਮ ਰੈਲੀ ਸਬੰਧੀ ਵਿਧਾਨ ਸਭਾ ਹਲਕਾ ਮਾਨਸਾ ਦੇ ਵੱਖ-ਵੱਖ ਪਿੰਡਾਂ ਬੁਰਜ ਹਰੀ ,ਰੜ੍ਹ ,ਖੀਵਾ ਕਲਾਂ ,ਹੀਰੋਂ ਕਲਾਂ,ਖੀਵਾ ਖੁਰਦ ਵਿੱਚ ਮੀਟਿੰਗਾਂ ਕੀਤੀਆਂ। ਵਿੱਕੀ ਨੇ ਕਿਹਾ ਕਿ ਇਹ ਰੈਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਗੁਰਪ੍ਰੀਤ ਸਿੰਘ ਵਿਕੀ ਨੇ ਪਾਰਟੀ ਵਰਕਰਾਂ, ਮਨਰੇਗਾ ਮਜ਼ਦੂਰਾਂ, ਯੂਥ ਆਗੂਆਂ ਅਤੇ ਸਥਾਨਕ ਨੇਤਾ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ “ਮਨਰੇਗਾ ਬਚਾਓ ਸੰਗਰਾਮ” ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਇੱਕ ਰਾਜਨੀਤਿਕ ਇਕੱਠ ਨਹੀਂ, ਸਗੋਂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਇੱਕ ਵੱਡਾ ਸੰਘਰਸ਼ ਹੈ। ਉਨ੍ਹਾਂ ਪਿਛਲੇ ਸਮੇਂ ਹੋਏ ਅਮਰੀਕੀ ਵਪਾਰ ਸਮਝੌਤਿਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਸਮਝੌਤਿਆਂ ਨੇ ਭਾਰਤੀ ਕਿਸਾਨਾਂ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਇਆ ਹੈ। ਖ਼ਾਸ ਤੌਰ ‘ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਕੇਂਦਰ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਗੁਰਪ੍ਰੀਤ ਸਿੰਘ ਵਿਕੀ ਨੇ ਪੰਜਾਬ ਭਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 28 ਫ਼ਰਵਰੀ ਦੀ ਬਰਨਾਲਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਡੱਟ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ।