ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ’ਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਤੱਕ
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ
Publish Date: Mon, 05 Jan 2026 05:09 PM (IST)
Updated Date: Tue, 06 Jan 2026 04:03 AM (IST)

4) ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸੈਸ਼ਨ 2026–27 ਲਈ ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੇ 11ਵੀਂ ਜਮਾਤ ਦੇ ਦਾਖ਼ਲਿਆਂ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਮਾਰਚ 2026 ਵਿਖੇ ਕਰਵਾਈ ਜਾਵੇਗੀ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਤਿੰਨ ਸਕੂਲ ਆਫ਼ ਐਮੀਨੈਂਸ ਮਾਨਸਾ, ਬੋਹਾ ਤੇ ਸਰਦੂਲਗੜ੍ਹ ਵਿਖੇ ਸਥਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਤੇ ਨਿੱਜੀ ਸਕੂਲਾਂ ’ਚ ਵਰਤਮਾਨ ਸਮੇਂ ਕਲਾਸ 8ਵੀਂ ਤੇ 10ਵੀਂ ਵਿੱਚ ਅਧਿਐਨ ਕਰ ਰਹੇ ਵਿਦਿਆਰਥੀ ਇਸ ਪਰੀਖਿਆ ਲਈ ਯੋਗ ਹਨ। ਸਫ਼ਲ ਉਮੀਦਵਾਰਾਂ ਨੂੰ ਸੈਸ਼ਨ 2026–27 ’ਚ 9ਵੀਂ ਤੇ 11ਵੀਂ ਵਿੱਚ ਦਾਖ਼ਲਾ ਮਿਲੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਅਰਜ਼ੀ ਭਰਨ ਸਮੇਂ ਵਰਤਮਾਨ ਕਲਾਸ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਵਿਦਿਆਰਥੀ ਆਨਲਾਈਨ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡਾਟਾ ਆਪਣੇ-ਆਪ ਭਰ ਜਾਵੇਗਾ। ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਖੁਦ ਭਰਨੀ ਹੋਵੇਗੀ। ਲੁੜੀਂਦੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। ਓਟੀਪੀ ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ। ਸਰਕਾਰੀ ਸਕੂਲਾਂ ਦੇ ਮੁਖੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਹਾਇਤਾ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੀਬੀਐੱਸਈ, ਆਈਸੀਐੱਸਈ ਸਮੇਤ ਹੋਰ ਬੋਰਡਾਂ ਦੇ ਵਿਦਿਆਰਥੀ ਵੀ ਅਰਜ਼ੀ ਦੇ ਸਕਦੇ ਹਨ।