ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ
Publish Date: Mon, 14 Sep 2026 05:15 PM (IST)
Updated Date: Mon, 14 Sep 2026 05:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬੁਢਲਾਡਾ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿਚ ਪਾਵਨ ਦਿਹਾੜੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਮੂਹ ਸਟਾਫ਼ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਡੋਰ ਸਟੇਡੀਅਮ ਵਿਖੇ ਸ੍ਰੀ ਜਪੁਜੀ ਸਾਹਿਬ ਜੀ ਦਾ ਸਮੂਹਿਕ ਰੂਪ ਵਿਚ ਪਾਠ ਕੀਤੇ ਗਏ। ਪਾਠ ਉਪਰੰਤ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ, ਸਦਭਾਵਨਾ, ਭਾਈਚਾਰਕ ਸਾਂਝ ਤੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਦੀ ਬਾਣੀ ਸਾਨੂੰ ਸੱਚ, ਨਿਮਰਤਾ, ਸੇਵਾ, ਸਿਮਰਨ, ਆਪਸੀ ਪਿਆਰ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਪ੍ਰਿੰਸੀਪਲ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੀ ਅਮੀਰ ਵਿਰਾਸਤ, ਨੈਤਿਕ ਕਦਰਾਂ-ਕੀਮਤਾਂ ਤੇ ਅਧਿਆਤਮਿਕ ਸੰਸਕਾਰਾਂ ਨਾਲ ਜੋੜਨਾ ਵੀ ਹੈ। ਅਜਿਹੇ ਸਮਾਗਮ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦੇ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਾਨੂੰ ਸਮਾਜ ਵਿਚ ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਰਜਿੰਦਰ ਕੌਰ ਨੇ ਇਸ ਦਿਨ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮੂਹ ਅਧਿਆਪਨ ਅਤੇ ਗੈਰ ਅਧਿਆਪਨ ਅਮਲਾ ਹਾਜ਼ਰ ਸੀ।