- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
28 ਅਕਤੂਬਰ 2026 ਨੂੰ ਜਾਰੀ ਪੱਤਰ ਅਨੁਸਾਰ ਹਰਮਨਦੀਪ ਸਿੰਘ ਮਹਿਤਾ ਨੇ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਦਲਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਨਸ਼ਿਆਂ ਨਾਲ ਸੰਭਾਵਿਤ ਸਬੰਧ ਬਾਰੇ ਪਰਿਵਾਰ ਵੱਲੋਂ ਉਠਾਏ ਸਵਾਲਾਂ ਦਾ ਜ਼ਿਕਰ ਕੀਤਾ ਗਿਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਅਤੇ ਇਸ ਤੋਂ ਬਾਅਦ ਪੁਲਿਸ ਕਾਰਵਾਈ ਦਾ ਮਾਮਲਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਕੋਲ ਪਹੁੰਚ ਗਿਆ ਹੈ। ਕਮਿਸ਼ਨ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਦੋ ਹਫ਼ਤਿਆਂ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
28 ਅਕਤੂਬਰ 2026 ਨੂੰ ਜਾਰੀ ਪੱਤਰ ਅਨੁਸਾਰ ਹਰਮਨਦੀਪ ਸਿੰਘ ਮਹਿਤਾ ਨੇ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਦਲਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਨਸ਼ਿਆਂ ਨਾਲ ਸੰਭਾਵਿਤ ਸਬੰਧ ਬਾਰੇ ਪਰਿਵਾਰ ਵੱਲੋਂ ਉਠਾਏ ਸਵਾਲਾਂ ਦਾ ਜ਼ਿਕਰ ਕੀਤਾ ਗਿਆ ਹੈ। ਸ਼ਿਕਾਇਤ ਮੁਤਾਬਕ ਪਰਿਵਾਰਕ ਮੈਂਬਰ ਅਤੇ ਸਮਰਥਕ ਇਨਸਾਫ਼ ਤੇ ਜਵਾਬਦੇਹੀ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਸਨ, ਜਦੋਂ ਰਾਮਦਿੱਤਾ ਚੌਕ ਵਿਖੇ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਅਤੇ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ। ਇਸ ਮਗਰੋਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਣ ਦੇ ਦੋਸ਼ ਲਾਏ ਗਏ ਹਨ।
ਸ਼ਿਕਾਇਤ ਵਿੱਚ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਾਕਤ ਦੀ ਵਰਤੋਂ, ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਦੇ ਦੋਸ਼ਾਂ ਦਾ ਵੀ ਜ਼ਿਕਰ ਹੈ। ਸ਼ਿਕਾਇਤਕਰਤਾ ਨੇ ਮਾਮਲੇ ਦੀ ਸੁਤੰਤਰ ਜਾਂਚ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।
ਕਮਿਸ਼ਨ ਦੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ਼ਿਕਾਇਤ ਵਿੱਚ ਲਾਏ ਦੋਸ਼ ਪਹਿਲੀ ਨਜ਼ਰੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਦਿਖਾਈ ਦਿੰਦੇ ਹਨ। ਮੈਂਬਰ ਪ੍ਰਿਯਾਂਕ ਕਾਨੂਨਗੋ ਦੀ ਅਗਵਾਈ ਵਾਲੇ ਬੈਂਚ ਨੇ ਮਨੁੱਖੀ ਅਧਿਕਾਰ ਸੁਰੱਖਿਆ ਐਕਟ, 1993 ਦੀ ਧਾਰਾ 12 ਤਹਿਤ ਕਾਰਵਾਈ ਕਰਦਿਆਂ ਰਜਿਸਟਰੀ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੱਤਰ ਦੀ ਇੱਕ ਕਾਪੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਦਰੂਨੀ ਸੁਰੱਖਿਆ ਵਿਭਾਗ ਨੂੰ ਵੀ ਭੇਜੀ ਗਈ ਹੈ। ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਦੋ ਹਫ਼ਤਿਆਂ ਅੰਦਰ ਪੇਸ਼ ਕੀਤੀ ਜਾਣ ਵਾਲੀ ਕਾਰਵਾਈ ਰਿਪੋਰਟ ਅਹਿਮ ਹੋਵੇਗੀ।