ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਰੋਡ ਜਾਮ, ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ; ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ
ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ 'ਤੇ ਗ਼ਲਤ ਸ਼ਬਦਾਵਲੀ ਲਿਖਣ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੰਥਕ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਤਿਕੋਣੀ ਚੌਕ ਵਿਖੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ ਗਿਆ ਹੈ। ਨਿਹੰਗ ਜਥੇਬੰਦੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਤੋਂ ਬਾਅਦ ਚੌਕ 'ਤੇ ਵੱਡੀ ਤਾਦਾਦ ’ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
Publish Date: Sat, 01 Aug 2026 11:45 AM (IST)
Updated Date: Sat, 01 Aug 2026 11:48 AM (IST)
ਪੰਜਾਬੀ ਜਾਗਰਣ, ਮਾਨਸਾ। ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ 'ਤੇ ਗ਼ਲਤ ਸ਼ਬਦਾਵਲੀ ਲਿਖਣ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੰਥਕ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਤਿਕੋਣੀ ਚੌਕ ਵਿਖੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ ਗਿਆ ਹੈ। ਨਿਹੰਗ ਜਥੇਬੰਦੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਤੋਂ ਬਾਅਦ ਚੌਕ 'ਤੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਜਥੇਬੰਦੀ ਵੱਲੋਂ ਰੋਡ ਜਾਮ ਕੀਤੇ ਜਾਣ ਤੋਂ ਬਾਅਦ ਬੱਸ ਸਟੈਂਡ ਤੋਂ ਜਾਣ ਵਾਲੀਆਂ ਬੱਸਾਂ ਨੂੰ ਹੁਣ ਬੱਸ ਸਟੈਂਡ ਦੀ ਬਜਾਏ ਤਿਕੋਣੀ ਚੌਕ ਤੋਂ ਹੀ ਦੂਜੇ ਸ਼ਹਿਰਾਂ ਲਈ ਰਵਾਨਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਨੂੰ ਵੀ ਹੋਰ ਰਸਤਿਆਂ ਰਾਹੀਂ ਜਾਣਾ ਪਿਆ।
ਪ੍ਰਸ਼ਾਸਨ 'ਤੇ ਸਵਾਲ ਅਤੇ ਗ੍ਰੰਥੀ ਦੀ ਖ਼ੁਦਕੁਸ਼ੀ ਦਾ ਮਾਮਲਾ
ਰੋਡ ਜਾਮ ਦੌਰਾਨ ਸੰਬੋਧਨ ਕਰਦਿਆਂ ਨਿਹੰਗ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਿੰਡ ਬੀਰੇਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ 15 ਜੁਲਾਈ ਨੂੰ ਸਾਹਮਣੇ ਆਈ ਬੇਅਦਬੀ ਦੀ ਘਟਨਾ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਸਮਾਂ ਮੰਗਣ ਦੇ ਬਾਵਜੂਦ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਸਰਕਾਰ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਕਰਨ ਦਾ ਪ੍ਰਚਾਰ ਕਰ ਰਹੀ ਹੈ, ਉੱਥੇ ਹੀ ਇਸਦੇ ਨੁਮਾਇੰਦੇ ਇਸ ਘਟਨਾ ਤੋਂ ਬਾਅਦ ਕਦੇ ਵੀ ਇਸ ਪਿੰਡ ਵਿੱਚ ਨਹੀਂ ਪਹੁੰਚੇ।
ਉਨ੍ਹਾਂ ਕਿਹਾ ਕਿ ਕਰੀਬ 2 ਸਾਲ ਪਹਿਲਾਂ ਵਾਪਰੀ ਇਸ ਘਟਨਾ ਬਾਰੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਗੁਰਦੁਆਰਾ ਕਮੇਟੀ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਸੀ ਪਰ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਬਜਾਏ ਇਸਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ। ਇਸ ਛੁਪਾਉਣ ਦੇ ਦਬਾਅ ਨੂੰ ਝੱਲਦਿਆਂ ਗ੍ਰੰਥੀ ਬਲਵਿੰਦਰ ਸਿੰਘ ਵੱਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਭਾਵੇਂ ਪੁਲਿਸ ਨੇ ਗ੍ਰੰਥੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਮੇਵਾ ਸਿੰਘ ਨੂੰ ਨਾਮਜ਼ਦ ਕੀਤਾ ਹੈ ਪਰ ਇਸ ਬੇਅਦਬੀ ਘਟਨਾ ਦੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸਨ ਸਮਾਂ ਮੰਗ ਰਿਹਾ ਹੈ, ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਦੇ ਬਾਵਜੂਦ ਕਮੇਟੀ ਵੱਲੋਂ ਕਾਰਵਾਈ ਕਰਨ ਦੀ ਬਜਾਏ ਮਾਮਲੇ ਦੀ ਜਾਣਕਾਰੀ SGPC ਨੂੰ ਦੇਣ ਦਾ ਹਵਾਲਾ ਦੇ ਕੇ ਸੰਗਤ ਨੂੰ ਗੁੰਮਰਾਹ ਕੀਤਾ ਗਿਆ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।