ਸਟੇਡੀਅਮ ’ਚ ਸਿੰਡਰ ਟਰੈਕ ਦੀ ਹੋਵੇਗੀ ਉਸਾਰੀ : ਵਿਧਾਇਕ ਬੁੱਧ ਰਾਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ
Publish Date: Mon, 02 Mar 2026 07:37 PM (IST)
Updated Date: Tue, 03 Mar 2026 04:09 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਇੱਕ ਵੱਡੀ ਲਹਿਰ ਵਿੱਢੀ ਹੋਈ ਹੈ, ਉਥੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਨਵੇਂ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸ ‘ਤੇ ਚਲਦਿਆਂ ਅੱਜ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ’ਚ 37 ਲੱਖ ਦੀ ਲਾਗਤ ਨਾਲ ਸਟੇਡੀਅਮ ਦੇ ਨਵੀਨੀਕਰਨ ਅਤੇ ਸਿੰਡਰ ਟਰੈਕ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਦਾ ਰਸਮੀ ਤੌਰ ‘ਤੇ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਮਾਨ ਦੀ ਦੂਰ ਅੰਦੇਸ਼ੀ ਸੋਚ ’ਤੇ ਚਲਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਿੰਡਰ ਟਰੈਕ ਦੇ ਬਣਨ ਨਾਲ ਆਸ ਪਾਸ ਦੇ ਪਿੰਡਾਂ ਅਤੇ ਸ਼ਹਿਰ ਦੇ ਨੌਜਵਾਨ ਵਧੀਆ ਕੋਚਾਂ ਦੀ ਮਦਦ ਨਾਲ ਉੱਚ ਪੱਧਰੀ ਸਿਖਲਾਈ ਹਾਸਲ ਕਰਕੇ ਸ਼ਹਿਰ ਅਤੇ ਸੂਬੇ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਪਿੰਡਾਂ ਦੇ ਵਿਕਾਸ ਕਾਰਜ ਲਈ ਕਰੋੜਾਂ ਰੁਪਏ ਲਗਾਏ ਜਾ ਰਹੇ ਹਨ। ਇਸ ਤਰ੍ਹਾਂ ਹਲਕੇ ਦੇ 40 ਪਿੰਡਾਂ ਅੰਦਰ ਖੇਡ ਸਟੇਡੀਅਮ ਦਾ ਕੰਮ ਲਗਾਤਾਰ ਜਾਰੀ ਹੈ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਯਤਨਾਂ ਸਦਕਾ ਸ਼ਹਿਰ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਝੜੀ ਲੱਗੀ ਹੋਈ ਹੈ ਅਤੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਨਜਰ ਆ ਰਹੇ ਹਨ। ਇਸ ਮੌਕੇ ਬਲਜਿੰਦਰ ਸਿੰਘ, ਕੋਚ ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਖਿਡਾਰੀ ਅਤੇ ਵਰਕਰ ਮੌਜੂਦ ਸਨ।