ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਢਲਾਡਾ ਵਿਖੇ ਵਿਸ਼ਾਲ ਰੋਸ ਧਰਨਾ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ
Publish Date: Fri, 23 Oct 2026 06:13 PM (IST)
Updated Date: Sat, 24 Oct 2026 04:01 AM (IST)
ਰਾਸ਼ਟਰਪਤੀ ਦੇ ਨਾਂ ਐਸਡੀਐਮ ਰਾਹੀ ਸੌਂਪਿਆ ਮੰਗ - ਪੱਤਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕਾਰਵਾਈ ਅਤੇ ਲੋਕਤੰਤਰ ਦੀ ਰਾਖੀ ਦੀ ਕੀਤੀ ਮੰਗ ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ : ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ਤਹਿਤ ਐੱਸਡੀਐੱਮ ਦਫ਼ਤਰ ਬੁਢਲਾਡਾ ਅੱਗੇ ਵੱਖ - ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਇੱਕ ਵਿਸਥਾਰਤ ਮੰਗ - ਪੱਤਰ ਐਸਡੀਐਮ ਰਾਹੀਂ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਲੋਕਤੰਤਰ-ਵਿਰੋਧੀ ਨੀਤੀਆਂ ਅਤੇ ਪ੍ਰਦਰਸ਼ਨਕਾਰੀਆਂ ਤੇ ਹੋ ਰਹੇ ਸਰਕਾਰੀ ਜ਼ੁਲਮਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਵਿੱਚੋਂ ਬਿਨਾਂ ਪਾਰਦਰਸ਼ਤਾ ਕੱਟੇ ਗਏ 13.41 ਕਰੋੜ ਨਾਗਰਿਕਾਂ ਦੇ ਨਾਮ ਬਿਨਾਂ ਦੇਰੀ ਬਹਾਲ ਕੀਤੇ ਜਾਣ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਸੰਵਿਧਾਨਕ ਸਹੁੰ ਦੀ ਉਲੰਘਣਾ ਕਰਨ ਤੇ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪੈਨਲ ਵਿੱਚ ਸੁਧਾਰ ਕਰਕੇ ਕੈਬਨਿਟ ਮੰਤਰੀ ਦੀ ਥਾਂ ਮੁੜ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਲ ਕੀਤਾ ਜਾਵੇ। ਦੇਸ਼ ਵਿੱਚ ਅਨੁਪਾਤਕ ਪ੍ਰਤੀਨਿਧਤਾ ਪ੍ਰਣਾਲੀ ਲਾਗੂ ਕੀਤੀ ਜਾਵੇ ਅਤੇ ਚੋਣਾਂ ਵਿੱਚ ਪੈਸੇ ਤੇ ਬਾਹੂਬਲ ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰੀ ਫੰਡਿੰਗ ਦੀ ਵਿਵਸਥਾ ਬਣਾਈ ਜਾਵੇ। ਆਗੂਆਂ ਨੇ ਦਿੱਲੀ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ, ਵਿਦਿਆਰਥੀਆਂ, ਵਿਦਿਆਰਥਣਾਂ ਅਤੇ ਪੱਤਰਕਾਰਾਂ ਤੇ ਹੋਏ ਪੁਲਿਸੀਆ ਤਸ਼ੱਦਦ ਅਤੇ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਆਗੂਆਂ ਨੇ ਸਿਆਸੀ ਤੇ ਸਮਾਜਿਕ ਕਾਰਕੁੰਨਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਘਰਾਂ ’ਚ ਨਜ਼ਰਬੰਦ ਕਰਨ ਦੀ ਨੀਤੀ ਨੂੰ ਪੁਲਿਸ ਰਾਜ ਕਰਾਰ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਨਾਗਰਿਕ ਅਧਿਕਾਰਾਂ ਦਾ ਘਾਣ ਬੰਦ ਨਾ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਦਰਸ਼ਨ ਸਿੰਘ ਗੁਰਨੇ ਕਲਾਂ, ਦੇਵੀਰਾਮ ਰੰਘੜਿਆਲ ਤਾਰਾ ਚੰਦ ਬਰੇਟਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ - ਬੁਰਜ ਗਿੱਲ) ਦੇ ਲਛਮਣ ਸਿੰਘ ਚੱਕ ਅਲੀਸ਼ੇਰ, ਜਗਰਾਜ ਸਿੰਘ ਅਹਿਮਦਪੁਰ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਸ਼ੋਤਮ ਸਿੰਘ ਗਿੱਲ, ਗੁਰਮੇਲ ਸਿੰਘ ਅੱਕਾਂਵਾਲੀ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਕੁਲਵੀਰ ਸਿੰਘ, ਅਮਰੀਕ ਸਿੰਘ ਫਫੜੇ ਭਾਈਕੇ ਰਾਮਫਲ ਸਿੰਘ ਚੱਕ ਅਲੀਸ਼ੇਰ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਮਲਕੀਤ ਸਿੰਘ ਆਲਮਪੁਰ ਮੰਦਰਾਂ, ਰਾਜੇਵਾਲ ਦੇ ਦਿਲਬਾਗ ਸਿੰਘ ਗੱਗੀ ਕਲੀਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆਗੂ ਹਾਜ਼ਰ ਸਨ। ਧਰਨੇ ਦੌਰਾਨ ਇਨਕਲਾਬੀ ਗਾਇਕ ਅਜਮੇਰ ਸਿੰਘ ਅਕਲੀਆ ਨੇ ਜੋਸ਼ੀਲੇ ਗੀਤਾਂ ਰਾਹੀਂ ਇਕੱਠ ਵਿੱਚ ਜੋਸ਼ ਭਰਿਆ। ਅਖ਼ੀਰ ਵਿੱਚ ਕਿਸਾਨਾਂ ਦੇ ਵਫ਼ਦ ਨੇ ਮੰਗ-ਪੱਤਰ ਐਸ.ਡੀ.ਐਮ. ਨੂੰ ਸੌਂਪਦਿਆਂ ਮੰਗਾਂ ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ।