ਡੇਂਗੂ ਦੀ ਰੋਕਥਾਮ ਸਬੰਧੀ ਐੱਸਡੀਐੱਚ ਵੱਲੋਂ ਜੀਆਈਐੱਮਟੀ ਕਾਲਜ ਦਾ ਦੌਰਾ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ
Publish Date: Fri, 06 Nov 2026 06:02 PM (IST)
Updated Date: Fri, 06 Nov 2026 06:05 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ : ਐੱਸਡੀਐੱਚ ਬੁਢਲਾਡਾ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਜੀਆਈਐੱਮਟੀ ਕਾਲਜ ਬੁਢਲਾਡਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਟੀਮ ਮੈਂਬਰ ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਤੇ ਜਗਜੀਤ ਸਿੰਘ ਨੇ ਕਾਲਜ ਕੈਂਪਸ ਦਾ ਨਿਰੀਖਣ ਕਰਦਿਆਂ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟੀਮ ਵੱਲੋਂ ਸਫ਼ਾਈ ਕਰਮਚਾਰੀਆਂ, ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੂੰ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਸਫ਼ਾਈ ਰੱਖਣ, ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ ਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਇਹ ਸਮੁੱਚਾ ਪ੍ਰੋਗਰਾਮ ਜੀਆਈਐੱਮਟੀ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਤੇ ਪ੍ਰਿੰਸੀਪਲ ਡਾ. ਰੇਖਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਲਜ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਤੇ ਸਟਾਫ਼ ਨੂੰ ਸਿਹਤ ਸੁਰੱਖਿਆ ਤੇ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ।