- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਿਤ ਮੁਲਾਜ਼ਮ ਭਲਾਈ ਕਮੇਟੀ ਨਾਲ ਦੂਜੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਬਾਅਦ ਮੁਲਾਜ਼ਮਾਂ ਵਿੱਚ ਆਪਣੀਆਂ ਮੰਗਾਂ ਦੇ ਹੱਲ ਦੀ ਆਸ ਜਾਗੀ ਹੈ ਅਤੇ ਜਲਦੀ ਹੀ ਇਸ ਸਬੰਧੀ ਇੱਕ ਹੋਰ ਫ਼ੈਸਲਾਕੁੰਨ ਮੀਟਿੰਗ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਯੂਨੀਅਨ ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਐੱਨਐੱਚਐੱਮ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਧਿਆਨ ਵਿੱਚ ਮਾਮਲਾ ਲਿਆ ਰਹੇ ਹਨ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੋਰ ਮੁਲਾਜ਼ਮਾਂ ਦੇ ਬਰਾਬਰ ਬਣਦੇ ਸੇਵਾ ਲਾਭ ਦਿੱਤੇ ਜਾਣ।
ਇਸ ਤੋਂ ਇਲਾਵਾ ਤਨਖ਼ਾਹਾਂ ਵਿੱਚ ਬਣਦਾ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਹੋਰ ਪੈਂਡਿੰਗ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਅਮਨਦੀਪ ਕੌਰ ਨੇ ਕਿਹਾ ਕਿ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ ਦੌਰਾਨ ਜਿਸ ਤਰ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਗਿਆ ਹੈ। ਉਸ ਤੋਂ ਇਹ ਉਮੀਦ ਬਣੀ ਹੈ ਕਿ ਸਰਕਾਰ ਜਲਦੀ ਹੀ ਕੋਈ ਠੋਸ ਫ਼ੈਸਲਾ ਲੈ ਸਕਦੀ ਹੈ। ਮੁਲਾਜ਼ਮਾਂ ਨੂੰ ਆਸ ਹੈ ਕਿ ਆਉਣ ਵਾਲੀ ਫ਼ੈਸਲਾਕੁੰਨ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਸਾਹਮਣੇ ਆਵੇਗਾ। ਹਾਲਾਂਕਿ ਜਦੋਂ ਤੱਕ ਮੰਗਾਂ ਦਾ ਲਿਖਤੀ ਰੂਪ ਵਿੱਚ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੁੱਖ ਦਫ਼ਤਰ ਪ੍ਰਿਆਸ ਭਵਨ, ਸੈਕਟਰ - 38, ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਐੱਨਐੱਚਐੱਮ ਮੁਲਾਜ਼ਮ ਸ਼ਮੂਲੀਅਤ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਹੀਂ ਹੁੰਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸੇ ਸੰਘਰਸ਼ ਦੀ ਅਗਲੀ ਕੜੀ ਵਜੋਂ 1 ਦਸੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਪੰਜਾਬ ਭਰ ਦੇ ਐੱਨਐੱਚਐੱਮ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਤੋਂ ਜਲਦੀ ਠੋਸ ਫ਼ੈਸਲਾ ਲਿਆ ਜਾਵੇ ਤਾਂ ਜੋ ਸਿਹਤ ਸੇਵਾਵਾਂ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸਿਹਤ ਸੇਵਾਵਾਂ ਵੀ ਸੁਚਾਰੂ ਢੰਗ ਨਾਲ ਚਲਦੀਆਂ ਰਹਿਣ। ਇਸ ਮੌਕੇ ਰਾਜਵੀਰ ਕੌਰ, ਮਨਦੀਪ ਕੌਰ, ਸੁਰਿੰਦਰ ਕੁਮਾਰ, ਕਰਮਵੀਰ ਕੌਰ, ਰੇਨੂੰ, ਜਗਸੀਰ ਕੌਰ, ਲਲਿਤ ਕੁਮਾਰ, ਹੈਰੀ ਗੋਇਲ ਆਦਿ ਹਾਜਿਰ ਸਨ।