ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਰਕਾਰ ਨੂੰ ਅਲਟੀਮੇਟਮ, ਸਰਕਾਰ ਦੀ ਅਰਥੀ ਫੂਕੀ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ
Publish Date: Mon, 12 Oct 2026 05:32 PM (IST)
Updated Date: Mon, 12 Oct 2026 05:35 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਮਾਨਸਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਬੰਧਕੀ ਕੰਪਲੈਕਸ ਤੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਤੱਕ ਰੋਸ ਪ੍ਰਦਰਸ਼ਨ ਕਰਨ ਦੇ ਬਾਅਦ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ। ਯੂਨੀਅਨ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਕੈਸ਼ੀਅਰ ਜਸਪ੍ਰੀਤ ਸਿੰਘ ਤੇ ਹੋਰਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਅੱਜ ਦੇ ਪ੍ਰਦਰਸ਼ਨ ਬਾਅਦ ਵੀ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਰਾਹੀਂ ਮਸਲੇ ਨਾ ਸੁਲਝਾਏ, ਤਾਂ ਪੂਰੇ ਪੰਜਾਬ ਵਿਚ ਇਕ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮਹਾਂ ਰੈਲੀ ਦੌਰਾਨ ਸਮੂਹ ਸੇਵਾ ਕੇਂਦਰ ਆਪ੍ਰੇਟਰ ਤੇ ਮੁਲਾਜ਼ਮ ਮਿਲ ਕੇ ਇਹ ਸਹੁੰ ਚੁੱਕ ਸਮਾਗਮ ਕਰਨਗੇ ਕਿ ਮੌਜੂਦਾ ਆਪ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਜਾਰੀ ਰੱਖਣ ਕਾਰਨ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਕੋਈ ਵੋਟ ਨਹੀਂ ਪਾਈ ਜਾਵੇਗੀ। ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਨੂੰ ਬੰਦ ਕਰੇ ਅਤੇ ਤੁਰੰਤ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦੇਵੇ, ਤਾਂ ਜੋ ਗੱਲਬਾਤ ਰਾਹੀਂ ਹੱਕੀ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ।