ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ

ਚਤਰ ਸਿੰਘ , ਪੰਜਾਬੀ ਜਾਗਰਣ, ਬੁਢਲਾਡਾ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਬੁਢਲਾਡਾ ਵਿੱਚ ਇਕ ਪਾਸੇ ਜਿੱਥੇ ਸ਼ਰਧਾ ਅਤੇ ਸਤਿਕਾਰ ਨਾਲ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਡਾ. ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਨੂੰ ਲੈ ਕੇ ਨਿਆਂ ਦੀ ਮੰਗ ਲਈ ਜਿਲ੍ਹਾ ਕਾਂਗਰਸ ਵੱਲੋਂ ਇੱਕ ਵੱਡਾ ਕੈਂਡਲ ਮਾਰਚ ਕੱਢਿਆ ਗਿਆ। ਇਹ ਮਾਰਚ ਇੰਦਰਾ ਗਾਂਧੀ ਕਾਲਜ ਅਤੇ ਰਾਮਲੀਲਾ ਗਰਾਉਂਡ ਬੁਢਲਾਡਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਸਮਾਗਮ ਦੌਰਾਨ ਹਾਜ਼ਰੀਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀਆਂ ਤਸਵੀਰਾਂ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਦਿੱਤੇ ਯੋਗਦਾਨ ਨੂੰ ਸਲਾਮ ਕੀਤਾ ਗਿਆ। ਬੋਲਣ ਵਾਲਿਆਂ ਨੇ ਕਿਹਾ ਕਿ ਇਹ ਦਿਨ ਸਾਨੂੰ ਨਿਆਂ, ਸੱਚਾਈ ਅਤੇ ਜੁਲਮ ਦੇ ਖਿਲਾਫ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਗਗਨਦੀਪ ਸਿੰਘ ਰੰਧਾਵਾ, ਜੋ ਕਿ ਡੀਐਮ ਵੇਅਰਹਾਊਸ ਸ਼੍ਰੀ ਅਮ੍ਰਿਤਸਰ/ਤਰਨਤਾਰਨ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਉਨ੍ਹਾਂ ਨੇ ਕੈਬਨਿਟ ਮੰਤਰੀ ਰਹੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀਏ ਦਿਲਬਾਗ ਸਿੰਘ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਅਤੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਤੰਗ ਆ ਕੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੱਤਾ। ਕੁਲਵੰਤ ਰਾਏ ਸਿੰਗਲਾ ਨੇ ਅੱਗੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਅਤੇ ਹੋਰ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਗਏ ਸੰਘਰਸ਼ ਅਤੇ ਦਬਾਅ ਦੇ ਕਾਰਨ ਦੋਸ਼ੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ, ਪਰ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਦੋਸ਼ੀਆ ਨੂੰ ਜਲਦੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਹ ਸਰਕਾਰ ਦੀ ਨਾਕਾਮੀ ਅਤੇ ਨਿਆਂ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਓਦੋ ਤਦ ਤੱਕ ਕਾਂਗਰਸ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੈਂਡਲ ਮਾਰਚ ਦੌਰਾਨ ਇਹ ਪ੍ਰਦਰਸ਼ਨ ਪੂਰੇ ਸ਼ਹਿਰ ਵਿੱਚ ਇੱਕ ਸੰਦੇਸ਼ ਦੇ ਰੂਪ ਵਿੱਚ ਫੈਲਿਆ। ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਲੋਕਾਂ ਨੇ “ਨਿਆਂ ਦਿਓ”, “ਦੋਸ਼ੀਆਂ ਨੂੰ ਜਲਦੀ ਸਜ਼ਾ ਕਰੋ”ਅਤੇ “ਜੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ”ਵਰਗੇ ਨਾਅਰੇ ਲਗਾਏ। ਇਸ ਮਾਰਚ ਵਿੱਚ ਸ਼ਾਮਿਲ ਲੋਕਾਂ ਵਿੱਚ ਗੁੱਸਾ ਅਤੇ ਦੁੱਖ ਦੋਵਾਂ ਹੀ ਸਾਫ਼ ਤੌਰ ‘ਤੇ ਵੇਖਣ ਨੂੰ ਮਿਲੇ। ਕਈ ਸਥਾਨਕ ਆਗੂਆਂ ਨੇ ਵੀ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਨਿਆਂ ਨਹੀਂ ਮਿਲਦਾ, ਤਾਂ ਲੋਕਾਂ ਦਾ ਵਿਸ਼ਵਾਸ ਪ੍ਰਣਾਲੀ ‘ਤੇ ਡਗਮਗਾ ਜਾਂਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਇਸ ਮੌਕੇ ਮੌਜੂਦ ਲੋਕਾਂ ਨੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਇਕ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਪੂਰੇ ਸਮਾਜ ਲਈ ਨਿਆਂ ਦੀ ਲੜਾਈ ਹੈ। ਸਮਾਗਮ ਦੇ ਅੰਤ ਵਿੱਚ ਕੁਲਵੰਤ ਰਾਏ ਸਿੰਗਲਾ ਨੇ ਦੁਬਾਰਾ ਦੋਹਰਾਇਆ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾਂ ਲੜਦੀ ਰਹੇਗੀ ਅਤੇ ਕਿਸੇ ਵੀ ਕਿਸਮ ਦੇ ਅੱਤਿਆਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ। ਇਸ ਤਰ੍ਹਾਂ ਸ਼ਹੀਦਾਂ ਦੇ ਦਿਹਾੜੇ ‘ਤੇ ਕੀਤਾ ਗਿਆ ਇਹ ਕੈਂਡਲ ਮਾਰਚ ਨਾ ਸਿਰਫ਼ ਸ਼ਰਧਾਂਜਲੀ ਦਾ ਪ੍ਰਤੀਕ ਸੀ, ਸਗੋਂ ਨਿਆਂ ਲਈ ਇੱਕ ਮਜ਼ਬੂਤ ਅਵਾਜ਼ ਵਜੋਂ ਵੀ ਸਾਹਮਣੇ ਆਇਆ, ਜਿਸ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਧਾ ਸੰਦੇਸ਼ ਦਿੱਤਾ ਕਿ ਲੋਕ ਹੁਣ ਅਨਿਆਇ ਦੇ ਖਿਲਾਫ ਚੁੱਪ ਨਹੀਂ ਰਹਿਣਗੇ। ਇਸ ਸਮੇ ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਮੂਸੇ ਵਾਲਾ, ਸੱਤ ਪਾਲ ਮੂਲੇਵਾਲਾ, ਲਛਮਣ ਸਿੰਘ, ਰਣਜੀਤ ਦੋਦੜਾ, ਹਰਬੰਸ ਸਿੰਘ ਖਿਪਲ, ਸੁਰੇਸ਼ ਨੰਦਗੜ੍ਹੀਆ , ਹਰਪ੍ਰੀਤ ਪਿਆਰੀ, ਦਰਸ਼ਨ ਸਿੰਘ ਦੰਦੀਵਾਲ ਅਤੇ ਹੋਰ ਮੌਜੂਦ ਸਨ।