ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਅੱਜ ਮਾਨਸਾ ’ਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Publish Date: Thu, 07 May 2026 07:15 PM (IST)
Updated Date: Thu, 07 May 2026 07:17 PM (IST)

- ਵਿਧਾਇਕ ਡਾ. ਵਿਜੈ ਸਿੰਗਲਾ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਹੋਵੇਗਾ ਸ਼ੁਕਰਾਨਾ ਯਾਤਰਾ ਦਾ ਸਵਾਗਤ - ਡੀਸੀ ਨਵਜੋਤ ਕੌਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਪਾਸ ਹੋਣ ਉਪਰੰਤ ਆਰੰਭ ਕੀਤੀ ਗਈ ਸ਼ੁਕਰਾਨਾ ਯਾਤਰਾ 8 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ ਪਹੁੰਚੇਗੀ। ਮਾਨਸਾ ਅਤੇ ਸਰਦੂਲਗੜ੍ਹ ਵਿਖੇ ਸ਼ੁਕਰਾਨਾ ਯਾਤਰਾ ਦੀ ਆਮਦ ਮੌਕੇ ਸੰਗਤਾਂ ਵੱਲੋਂ ਕੀਤੇ ਜਾ ਰਹੇ ਸਵਾਗਤ ਸਬੰਧੀ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਵੱਲੋਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਸਮੇਤ ਬਹਿਣੀਵਾਲ ਅਤੇ ਅਰਵਿੰਦ ਨਗਰ ਦਾ ਦੌਰਾ ਕੀਤਾ ਗਿਆ। ਬਹਿਣੀਵਾਲ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਮਾਨਸਾ ਸ਼ਹਿਰ ਵਿਖੇ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਸ਼ੁਕਰਾਨਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੁਰੱਖਿਆ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਆਵਾਜਾਈ ਨੂੰ ਸੁਚਾਰੂ ਰੱਖਣ, ਸੰਗਤਾਂ ਲਈ ਪੀਣ ਵਾਲੇ ਸਾਫ਼ ਪਾਣੀ ਦੇ ਇੰਤਜ਼ਾਮਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ੁਕਰਾਨਾ ਯਾਤਰਾ ਸਬੰਧੀ ਤਿਆਰੀਆਂ ਬਾਰੇ ਵਿਸਤ੍ਰਿਤ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐੱਸਡੀਐੱਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐੱਸਡੀਐੱਮ ਮਾਨਸਾ ਬਲਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।