ਸਕੂਲ ’ਚ "ਸਕਿੱਲ ਡਿਵੈਲਪਮੈਂਟ ਵਰਕਸ਼ਾਪ" ਕਰਵਾਈ
ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ
Publish Date: Wed, 25 Mar 2026 07:20 PM (IST)
Updated Date: Thu, 26 Mar 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਦੀ ਅਗਵਾਈ ਅਤੇ ਐਨਐਸਐਸ ਵਿਭਾਗ ਦੀ ਸਰਗਰਮ ਭੂਮਿਕਾ ਹੇਠ ਚੱਲ ਰਹੇ ਸੱਤ ਰੋਜ਼ਾ ਐਨਐਸਐਸ ਕੈਂਪ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਸਕਿੱਲ ਡਿਵੈਲਪਮੈਂਟ ਵਰਕਸ਼ਾਪ ਦਾ ਵਿਸਥਾਰਿਤ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜੀਵਨ-ਉਪਯੋਗੀ ਹੁਨਰਾਂ ਦੀ ਵਿਕਾਸ ਕਰਨਾ, ਉਨ੍ਹਾਂ ਵਿੱਚ ਸਵੈ-ਰੋਜ਼ਗਾਰ ਦੀ ਸੋਚ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਸੀ। ਵਰਕਸ਼ਾਪ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਹੁਨਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਖਾਣੇ ਬਣਾਉਣ ਦੀਆਂ ਵਿਧੀਆਂ ਬਾਰੇਪ੍ਰਯੋਗੀ ਰੂਪ ਵਿੱਚ ਸਿਖਲਾਈ ਦਿੱਤੀ ਗਈ। ਖ਼ਾਸ ਤੌਰ ‘ਤੇ ਘਰੇਲੂ ਪੱਧਰ ‘ਤੇ ਆਸਾਨੀ ਨਾਲ ਤਿਆਰ ਹੋ ਸਕਣ ਵਾਲੀਆਂ ਵਸਤਾਂ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਵਿਦਿਆਰਥੀ ਇਨ੍ਹਾਂ ਹੁਨਰਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਲਾਗੂ ਕਰ ਸਕਣ। ਇਸ ਮੌਕੇ ਮੈਡਮ ਰੇਨੂ ਗਰਗ ਨੇ ਰਿਸੋਰਸ ਪਰਸਨ ਵਜੋਂ ਹਾਜ਼ਰੀ ਭਰਦਿਆਂ ਵਿਦਿਆਰਥੀਆਂ ਨੂੰ ਕੇਕ ਬਣਾਉਣ ਦੀ ਸਧਾਰਣ ਅਤੇ ਆਧੁਨਿਕ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮੱਗਰੀ ਦੀ ਸਹੀ ਮਾਤਰਾ, ਤਿਆਰੀ ਦੀ ਪ੍ਰਕਿਰਿਆ, ਸਜਾਵਟ ਦੇ ਤਰੀਕੇ ਅਤੇ ਸਫ਼ਾਈ ਦੇ ਮਾਪਦੰਡਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਕਿ ਘੱਟ ਖਰਚੇ ਵਿੱਚ ਵਧੀਆ ਤੇ ਸਿਹਤਮੰਦ ਭੋਜਨ ਕਿਵੇਂ ਤਿਆਰ ਕੀਤਾ ਜਾ ਸਕਦਾ ਹੈ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਪ੍ਰਕਿਰਿਆ ਵਿੱਚ ਭਾਗ ਲਿਆ ਅਤੇ ਆਪਣੇ ਹੱਥਾਂ ਨਾਲ ਤਿਆਰੀ ਕਰਕੇ ਨਵੇਂ ਤਜਰਬੇ ਪ੍ਰਾਪਤ ਕੀਤੇ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਟੀਮ ਵਰਕ, ਸਮੇਂ ਦੀ ਪ੍ਰਬੰਧਕੀ ਅਤੇ ਸਹਿਯੋਗੀ ਭਾਵਨਾ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਹੁਨਰ ਸਿਰਫ਼ ਵਿਅਕਤੀਗਤ ਵਿਕਾਸ ਹੀ ਨਹੀਂ, ਸਗੋਂ ਸਮਾਜਿਕ ਜੀਵਨ ਵਿੱਚ ਵੀ ਸਫਲਤਾ ਹਾਸਲ ਕਰਨ ਲਈ ਅਹਿਮ ਹੁੰਦੇ ਹਨ। ਇਸ ਮੌਕੇ ਪ੍ਰਿੰਸੀਪਲ ਸਵਿਤਾ ਕਾਠ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਅਤੇ ਤਕਨੀਕੀ ਹੁਨਰਾਂ ਨਾਲ ਲੈਸ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਨ.ਐਸ.ਐਸ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਜਿੰਮੇਵਾਰੀ ਅਤੇ ਸਮਾਜਿਕ ਵਿਕਾਸ ਦੀ ਭਾਵਨਾ ਪੈਦਾ ਕਰਦੀਆਂ ਹਨ, ਜੋ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਂਦੀਆਂ ਹਨ। ਸਮਾਗਮ ਵਿੱਚ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਮੁਬਾਰਕਬਾਦ ਕਿਹਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਜੀਵਨ ਵਿੱਚ ਅੱਗੇ ਵਧਣ ਲਈ ਮਜ਼ਬੂਤ ਆਧਾਰ ਸਾਬਤ ਹੁੰਦੀਆਂ ਹਨ ਅਤੇ ਹਰ ਵਿਦਿਆਰਥੀ ਨੂੰ ਇਨ੍ਹਾਂ ਵਿੱਚ ਸਰਗਰਮ ਭਾਗ ਲੈਣਾ ਚਾਹੀਦਾ ਹੈ। ਅੰਤ ਵਿੱਚ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਭਾਗੀਦਾਰੀ ਨਾਲ ਇਹ ਸਕਿੱਲ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।