ਡਿਪਟੀ ਕਮਿਸ਼ਨਰ ਵੱਲੋਂ ਐਲਾਨ: ਮਾਨਸਾ ਜ਼ਿਲ੍ਹੇ ’ਚ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ, ਪਹਿਲੇ ਪੜਾਅ ਤਹਿਤ 70 ਪਿੰਡਾਂ ’ਚ ਹੋਵੇਗੀ ਸ਼ੁਰੂਆਤ
ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਸਾਰੇ ਬਲਾਕਾਂ ’ਚ ਪਿੰਡਾਂ ਦੇ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਕਰਨ ਦੀ ਸਿਖਲਾਈ ਸਮਾਜ ਸੇਵੀ ਸੰਗਠਨ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਹੈਲਥ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਇਸ ਕਾਰਜ ਨੂੰ ਪੰਚਾਇਤੀ ਰਾਜ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਐੱਨ.ਜੀ.ਓਜ਼ ਦੀ ਮਦਦ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
Publish Date: Tue, 04 Aug 2026 04:49 PM (IST)
Updated Date: Tue, 04 Aug 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਿੰਡਾਂ ’ਚ ਲੋਕਾਂ ਦੀ ਸੁਵਿਧਾ ਲਈ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਮਾਨਸਾ ਦੇ 70 ਪਿੰਡਾਂ ’ਚ ਸਖ਼ਤ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਸਾਰੇ ਬਲਾਕਾਂ ’ਚ ਪਿੰਡਾਂ ਦੇ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਕਰਨ ਦੀ ਸਿਖਲਾਈ ਸਮਾਜ ਸੇਵੀ ਸੰਗਠਨ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਹੈਲਥ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਇਸ ਕਾਰਜ ਨੂੰ ਪੰਚਾਇਤੀ ਰਾਜ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਐੱਨ.ਜੀ.ਓਜ਼ ਦੀ ਮਦਦ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਦੇ ਇਹ ਪ੍ਰੋਜੈਕਟ ਅਗਲੇ ਕੁਝ ਦਿਨਾਂ ਅੰਦਰ ਹਰ ਪੱਖੋਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਨਾਲ ਪਿੰਡਾਂ ਦੇ ਵਿੱਚ ਅੰਦਰੂਨੀ ਪੱਧਰ ਲੋੜਵੰਦਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਗਿੱਲਾ ਤੇ ਸੁੱਕਾ ਕੂੜਾ ਲੋਕਾਂ ਦੇ ਘਰਾਂ ’ਚੋਂ ਇਕੱਤਰ ਕਰਨ ਲਈ ਰਿਕਸ਼ਾ ਰੇਹੜੀ ਅਤੇ ਵੱਖ ਵੱਖ ਡਸਟਬਿਨ ਉਪਲਬਧ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਰਾਊਂਡ ਗਲਾਸ ਫਾਊਂਡੇਸ਼ਨ ਦੇ ਪ੍ਰਤੀਨਿਧੀ ਸੋਮੇਸ਼ ਤੇ ਹਰਪ੍ਰੀਤ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੌਜੂਦ ਸਨ।