- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਈ ਭਾਗੋ ਸੰਸਥਾ ਰੱਲਾ ਅਕਾਦਮਿਕ ਸਿੱਖਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਸੰਸਥਾ ਰੱਲਾ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ - ਵੱਖ ਗਤੀਵਿਧੀਆਂ ਲਈ ਇਲਾਕੇ ਦੀ ਸਿਰਮੌਰ ਸੰਸਥਾ ਵਜੋਂ ਜਾਣੀ ਜਾਂਦੀ ਹੈ। ਇਸੇ ਲੜੀ ਤਹਿਤ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਅਤੇ ਐਨਐਸਐਸ ਵਿਭਾਗ ਦੀ ਅਗਵਾਈ ਹੇਠ ਟ੍ਰੈਫ਼ਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ।
ਇਸ ਮੌਕੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਤੋਂ ਹੌਲਦਾਰ ਸੱਤਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ। ਇਸ ਮੌਕੇ ਮੁੱਖ ਬੁਲਾਰੇ ਹੌਲਦਾਰ ਸੱਤਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਸੜਕਾਂ ’ਤੇ ਵਾਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੜਕ ਹਾਦਸਿਆਂ ਦਾ ਖ਼ਤਰਾ ਵੀ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਮਨੁੱਖੀ ਲਾਪ੍ਰਵਾਹੀ ਅਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਹੁੰਦੇ ਹਨ। ਜੇਕਰ ਹਰ ਵਿਅਕਤੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੇ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਹੈਲਮੈਟ ਪਹਿਨਣ, ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣ ਅਤੇ ਨਿਰਧਾਰਤ ਗਤੀ ਸੀਮਾ ਅੰਦਰ ਰਹਿ ਕੇ ਵਾਹਨ ਚਲਾਉਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ੇ ਦੀ ਹਾਲਤ ਵਿਚ ਵਾਹਨ ਨਾ ਚਲਾਉਣ ਅਤੇ ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਤੋਂ ਬਚਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਟ੍ਰੈਫਿਕ ਸਿਗਨਲਾਂ, ਜੈਬਰਾ ਕ੍ਰਾਸਿੰਗ ਅਤੇ ਸੜਕ ਚਿੰਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਹੌਲਦਾਰ ਸੱਤਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਜ਼ਿੰਮੇਵਾਰ ਹਿੱਸਾ ਹਨ ਅਤੇ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੋਰ ਲੋਕਾਂ ਲਈ ਵੀ ਮਿਸਾਲ ਬਣ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਸੜਕ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ ਅਤੇ ਸਮਾਜ ਵਿੱਚ ਸੁਰੱਖਿਅ ਦਾ ਮਾਹੌਲ ਬਣਾਇਆ ਜਾ ਸਕੇ। ਸਮਾਗਮ ਦੇ ਅੰਤ ’ਚ ਸਹਾਇਕ ਪ੍ਰੋਫੈਸਰ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।