ਪਰਵਿੰਦਰ ਸਿੰਘ ਦੇ ਕਤਲ ’ਤੇ ਦੁੱਖ ਦਾ ਪ੍ਰਗਟਾਵਾ ਕੁਲ ਹਿੰਦ ਕਿਸਾਨ ਮਹਾਂਸਭਾ ਦੇ ਕੇਂਦਰੀ
Publish Date: Wed, 14 Oct 2026 04:06 PM (IST)
Updated Date: Wed, 14 Oct 2026 04:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਕੁਲ ਹਿੰਦ ਕਿਸਾਨ ਮਹਾਂਸਭਾ ਦੇ ਕੇਂਦਰੀ ਆਗੂ ਕਾਮਰੇਡ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਦੇ ਦਿਨ-ਦਿਹਾੜੇ ਕੀਤੇ ਗਏ ਬੇਰਹਿਮੀ ਭਰੇ ਕਤਲ ਦੀ ਘਟਨਾ ਤੇ ਡੂੰਘੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨ ਆਗੂ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। ਰੁਲਦੂ ਸਿੰਘ ਮਾਨਸਾ ਨੇ ਆਖਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਚਲਾਉਣ ਵਿਚ ਸਿਆਸੀ ਆਗੂਆਂ, ਭ੍ਰਿਸ਼ਟ ਅਫ਼ਸਰਸ਼ਾਹੀ ਤੇ ਗੁੰਡਾ ਗਰੋਹਾਂ ਦੀ ਪ੍ਰਤੱਖ ਭਾਗੀਦਾਰੀ ਹੈ। ਸਰਕਾਰੀ ਛਤਰ-ਛਾਇਆ ਤੇ ਪ੍ਰਸ਼ਾਸਨਿਕ ਮਿਲੀਭੁਗਤ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਨਸ਼ਿਆਂ ਵਿਰੁੱਧ ਬੋਲਣ ਵਾਲੇ ਨੌਜਵਾਨਾਂ ਨੂੰ ਸ਼ਰੇਆਮ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਗੱਲਤ ਰਾਹ ਤੋਰਨ ਤੇ ਤਬਾਹ ਕਰਨ ਲਈ ਸਿਆਸੀ ਸ਼ਹਿ ਤੇ ਭ੍ਰਿਸ਼ਟ ਅਫ਼ਸਰਸ਼ਾਹੀ ਸਭ ਤੋਂ ਵੱਧ ਜ਼ਿੰਮੇਵਾਰ ਹੈ। ਉਨ੍ਹਾਂ ਜ਼ੋਰਦਾਰ ਮੰਗ ਕੀਤੀ ਕਿ ਨਸ਼ਾ ਵੇਚਣ ਵਾਲੇ ਸਮੱਗਲਰਾਂ ਦੇ ਨਾਲ-ਨਾਲ ਨਸ਼ਾ ਵਿਕਾਉਣ ਵਿਚ ਮਦਦ ਕਰਨ ਵਾਲੀ ਭ੍ਰਿਸ਼ਟ ਅਫ਼ਸਰਸ਼ਾਹੀ ਤੇ ਪੁਲਿਸ ਅਧਿਕਾਰੀਆਂ ਦੀਆਂ ਚੱਲ-ਅਚੱਲ ਜਾਇਦਾਦਾਂ ਤੁਰੰਤ ਜ਼ਬਤ ਕੀਤੀਆਂ ਜਾਣ। ਇਸ ਦੇ ਨਾਲ ਹੀ ਇਸ ਘਟਨਾ ਲਈ ਜ਼ਿੰਮੇਵਾਰ ਅਤੇ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਰੱਖਣ ਵਾਲੇ ਸਬੰਧਤ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਤੇ ਕਾਨੂੰਨੀ ਪਰਚਾ ਦਰਜ ਕੀਤਾ ਜਾਵੇ। ਕਿਸਾਨ ਆਗੂ ਨੇ ਆਖਿਆ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫਾਸਟ ਟਰੈਕ ਅਦਾਲਤ ਰਾਹੀਂ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਵਾਲੇ ਸਿਆਸੀ ਆਗੂਆਂ ਤੇ ਵੀ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਪਰਮਿੰਦਰ ਸਿੰਘ ਕਾਤਲਾਂ ਨੂੰ ਸਜ਼ਾ ਦਿਵਾਉਣ ਨੂੰ ਲੈ ਕੇ ਮਾਨਸਾ ਵਿਚ ਲੱਗੇ ਧਰਨੇ ਦੀ ਹਿਮਾਇਤ ਵਿਚ ਜਲੰਧਰ ਤੋਂ ਬਰਨਾਲਾ ਵਿਚ ਦੀ ਮਾਨਸਾ ਆ ਰਹੇ ਆਰਐੱਮਪੀ ਆਈ ਦੇ ਜਰਨਲ ਸਕੱਤਰ ਪ੍ਰਗਟ ਜਾਮਾਰਾਏ ਤੇ ਨੌਜਵਾਨ ਸਭਾ ਦੇ ਆਗੂ ਰਵਿੰਦਰ ਰਵੀ ਨੂੰ ਬਰਨਾਲਾ ਪੁਲਿਸ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੀ ਪੁਰਜ਼ੋਰ ਨਿੰਦਾ ਕੀਤੀ ਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ।