ਪੁਰਾਣੀ ਪੈਨਸ਼ਨ ਲਈ ਸੂਬੇ ਭਰ ’ਚ ਗੂੰਜਿਆ ਸੰਘਰਸ਼
ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ
Publish Date: Thu, 19 Feb 2026 06:49 PM (IST)
Updated Date: Thu, 19 Feb 2026 06:51 PM (IST)

- ਕਰਮਚਾਰੀਆਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸਾਰੇ ਪੰਜਾਬ ਵਿੱਚ ਸੀਪੀਐੱਫ਼ ਕਰਮਚਾਰੀਆਂ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਪੀਐੱਫ਼ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਖਿਲਵਾੜ ਹੈ ਅਤੇ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ ਰੱਖਣਾ ਨਿਆਂਸੰਗਤ ਨਹੀਂ ਹੈ। ਸਰਕਾਰ ਨੂੰ ਤੁਰੰਤ ਪੁਰਾਣੀ ਪੈਨਸ਼ਨ ਬਹਾਲ ਕਰਨੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡਾ ਅੰਦੋਲਨ ਛੇੜਿਆ ਜਾਵੇਗਾ। ਮਾਨਸਾ ਜ਼ਿਲ੍ਹੇ ਵਿੱਚ 24 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਸਭ ਨੇ ਇਕਜੁੱਟ ਹੋ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ, ਪੀਐੱਸਐੱਮਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਡੀਟੀਐੱਫ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਸੰਦੀਪ ਵਾਲੀਆ ਜ਼ਿਲ੍ਹਾ ਪ੍ਰਧਾਨ ਹੈਲਥ, ਜਸਵੰਤ ਸਿੰਘ ਮੌਜੌ, ਪ੍ਰਭਜੋਤ ਸਿੰਘ, ਮਲਕੀਤ ਸਿੰਘ ਖਿਆਲਾ ਆਦਿ ਹਾਜ਼ਰ ਸਨ।