ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਵਿੱਚ ਸਰਕਾਰੀ ਗਰਲਜ਼ ਸਕੂਲ ਮਾਨਸਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਜਿੱਤਾ ਪ੍ਰਾਪਤ ਕੀਤੀਆਂ ਭਾਸ਼ਾ ਵਿਭਾਗ ਮਾਨਸਾ ਵੱਲੋਂ ਨਹਿਰੂ ਮੈਮੋਰੀਅਲ
Publish Date: Thu, 29 Oct 2026 04:27 PM (IST)
Updated Date: Thu, 29 Oct 2026 04:28 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਸ਼ਾ ਵਿਭਾਗ ਮਾਨਸਾ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ਼ ਮਾਨਸਾ ਵਿਖੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਹਿਤ ਸਿਰਜਣ ਮੁਕਾਬਲਾ ਅਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ। ਮੁਕਾਬਲੇ ਵਿੱਚ ਪੰਜਵੀਂ ਤੋਂ ਲੈ ਕੇ ਗਰੈਜੂਏਸ਼ਨ ਤੱਕ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਅਲੱਗ-ਅਲੱਗ ਵਰਗਾਂ ਦੇ ਪਹਿਲੀ, ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਮਾਨਸਾ ਵੱਲੋਂ ਸਰਟੀਫਿਕੇਟ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਗਾਇਡ ਸਟੇਟ ਅਵਾਰਡੀ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਦੀ ਅਗਵਾਈ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਲੇਖ ਲਿਖਣ ਮੁਕਾਬਲੇ ਵਿਚ ਸੁਹਾਨੀ ਗਰਗ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਕਹਾਣੀ ਲਿਖਣ ਮੁਕਾਬਲੇ ਵਿੱਚ ਵੰਸ਼ਿਕਾ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਕਵਿਤਾ ਗਾਇਨ ਮੁਕਾਬਲੇ ਵਿੱਚ ਦਵਿੰਦਰਦੀਪ ਕੌਰ ਨੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਨਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ’ਤੇ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਅੱਗੇ ਤੋਂ ਦੂਸਰੇ ਵਿਦਿਆਰਥੀ ਵੀ ਇਸ ਤਰ੍ਹਾਂ ਦੇ ਸਾਹਿਤ ਸਿਰਜਣ ਮੁਕਾਬਲਿਆਂ ਵਿਚ ਭਾਗ ਜ਼ਰੂਰ ਲੈਣ। ਗਾਇਡ ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹਜ਼ਾਰ-ਹਜ਼ਾਰ ਰੁਪਏ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 750 ਰੁਪਏ ਤੇ ਸਰਟੀਫਿਕੇਟ ਇਨਾਮ ਮਿਲਿਆ। ਉਨ੍ਹਾਂ ਅੱਗੇ ਦੱਸਿਆ ਕਿ ਕਹਾਣੀ ਲਿਖਣ ਅਤੇ ਲੇਖ ਲਿਖਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਮੁਕਾਬਲੇ ਵਿੱਚ ਵੀ ਭਾਗ ਲੈਣਗੇ, ਜੋ ਕਿ ਸਾਡੇ ਸਕੂਲ ਇੱਕ ਬਹੁਤ ਮਾਣ ਵਾਲੀ ਗੱਲ ਹੈ।