ਸਕੂਲ ਆਫ਼ ਐਮੀਨੈਂਸ ਬੋਹਾ ਦੇ ਵਿਦਿਆਰਥੀਆਂ ਨੇ ਕੀਤਾ ਰੌਇਲ ਕਾਲਜ ਬੋੜਾਵਾਲ ਦਾ ਵਿਦਿਅਕ ਦੌਰਾ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ
Publish Date: Tue, 10 Nov 2026 05:46 PM (IST)
Updated Date: Tue, 10 Nov 2026 05:48 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਦੇ ਗਿਆਰਵੀਂ ਜਮਾਤ ਦੇ ਲਗਪਗ 50 ਵਿਦਿਆਰਥੀਆਂ ਨੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਦਾ ਵਿਦਿਅਕ ਦੌਰਾ ਕੀਤਾ। ਇਸ ਮੌਕੇ ਨਾਨ-ਮੈਡੀਕਲ, ਮੈਡੀਕਲ, ਕਾਮਰਸ ਅਤੇ ਆਰਟਸ ਦੇ ਵਿਦਿਆਰਥੀਆਂ ਦੇ ਨਾਲ ਚਾਰ ਅਧਿਆਪਕ ਵੀ ਮੌਜੂਦ ਸਨ। ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਅਮਰੀਕ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਦੇ ਵਿਸ਼ਾਲ ਅਤੇ ਹਰਿਆਵਲੇ ਕੈਂਪਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਰਜਨੀ ਬਾਲਾ, ਮਨਜੀਤ ਸਿੰਘ ਅਤੇ ਸੰਦੀਪ ਕੌਰ ਵੀ ਮੌਜੂਦ ਸਨ। ਵਿਦਿਆਰਥੀਆਂ ਨੂੰ ਸੰਸਥਾ ਦੇ ਸੁੰਦਰ ਹਰੇ-ਭਰੇ ਵਾਤਾਵਰਨ, ਆਧੁਨਿਕ ਆਈ.ਟੀ. ਤੇ ਸਾਇੰਸ ਲੈਬਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਇਮਾਰਤਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਾਲਜ ਦੇ ਸਾਰੇ ਵਿਭਾਗਾਂ ਅਤੇ ਬਲਾਕਾਂ ਦਾ ਕ੍ਰਮਵਾਰ ਦੌਰਾ ਕਰਕੇ ਉੱਥੇ ਉਪਲਬਧ ਸਿੱਖਿਆ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਕਾਲਜ ਦੇ ਸੈਮੀਨਾਰ ਹਾਲ ਵਿਖੇ ਪ੍ਰੋਫੈਸਰ ਅਵਤਾਰ ਸਿੰਘ ਨੇ ਸੰਸਥਾ ਵਿੱਚ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ, ਆਧੁਨਿਕ ਬੁਨਿਆਦੀ ਢਾਂਚੇ, ਵਿਦਿਅਕ ਅਤੇ ਹੋਰ ਸਹੂਲਤਾਂ, ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਅਤੇ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਤੇ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਖੇਤਰਾਂ, ਕੋਰਸਾਂ ਅਤੇ ਭਵਿੱਖ ਵਿੱਚ ਉਪਲਬਧ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਇਸ ਦੌਰੇ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਅਤੇ ਕਾਲਜ ਦੇ ਪ੍ਰਬੰਧਾਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ।