ਪਿੰਡ ਭਾਈ ਦੇਸਾ ਮਿਡਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਪਿੰਡ ਭਾਈ ਦੇਸਾ ਦੇ ਮਿਡਲ ਸਕੂਲ ਦੇ ਵਿਦਿਆਰਥੀਆਂ
Publish Date: Sat, 10 Oct 2026 04:30 PM (IST)
Updated Date: Sat, 10 Oct 2026 04:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਪਿੰਡ ਭਾਈ ਦੇਸਾ ਦੇ ਮਿਡਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਸਟੇਟ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ। ਸਕੂਲ ਦੀ ਹੋਣਹਾਰ ਵਿਦਿਆਰਥਣ ਸ਼ੁਭਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਦੀ ਬਾਸਕਟਬਾਲ ਖੇਡ ਵਿਚ ਲੁਧਿਆਣਾ ਵਿਖੇ ਸਥਿਤ ਖੇਡ ਵਿੰਗ ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਵਿਦਿਆਰਥਣ ਦੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸੇ ਤਰ੍ਹਾਂ ਪਰਦੀਪ ਸਿੰਘ ਤੇ ਬਲਵੀਰ ਸਿੰਘ ਨੇ ਸਟੇਟ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਗੀਤਾ ਰਾਣੀ ਤੇ ਸੁਖਬੀਰ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਪਿੰਡ ਭਾਈ ਦੇਸਾ ਦੇ ਸਕੂਲ ਦੇ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਇਹ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਹਨ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮਿਹਨਤ ਕਰਕੇ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਬਹੁਤ-ਬਹੁਤ ਮੁਬਾਰਕਾਂ।