- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਦਵਾਈਆਂ ਦੀਆਂ ਦੁਕਾਨਾਂ ਦੀ ਲਗਾਤਾਰ ਅਚਾਨਕ ਚੈਕਿੰਗ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਵੱਲੋਂ ਮਾਨਸਾ ਸ਼ਹਿਰ ਸਮੇਤ ਜੋਗਾ ਅਤੇ ਰੱਲਾ ਦੇ ਡਰੱਗ ਹੌਟ-ਸਪੌਟ ਖੇਤਰਾਂ ਵਿੱਚ ਸਥਿਤ ਵੱਖ-ਵੱਖ ਕੈਮਿਸਟ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੈਡੀਕਲ ਸਟੋਰਾਂ ਦੇ ਲਾਇਸੈਂਸ, ਦਵਾਈਆਂ ਦੇ ਸਟਾਕ, ਖਰੀਦ-ਵੇਚ ਦੇ ਬਿੱਲਾਂ ਅਤੇ ਰਜਿਸਟਰਾਂ ਦੀ ਬਾਰੀਕੀ ਨਾਲ ਘੋਖ ਕੀਤੀ ਗਈ। ਇਸ ਮੌਕੇ ਡਰੱਗ ਕੰਟਰੋਲ ਅਫ਼ਸਰ ਨੇ ਸਮੂਹ ਕੈਮਿਸਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਦਵਾਈ ਦਾ ਪੂਰਾ ਰਿਕਾਰਡ ਦਰਜ ਰੱਖਿਆ ਜਾਵੇ। ਉਨ੍ਹਾਂ ਦੁਕਾਨਾਂ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਹਰ ਸਮੇਂ ਦਰੁਸਤ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਦੇ ਹੁਕਮਾਂ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਦੁਕਾਨਦਾਰਾਂ ਦਾ ਲਾਇਸੈਂਸ ਰੱਦ ਕਰਨ ਸਮੇਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।