ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਸਬਸਿਡਰੀ ਸਿਹਤ ਕੇਂਦਰ ਰੱਲਾ ਦਾ ਅਚਨਚੇਤ ਨਿਰੀਖਣ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ
Publish Date: Mon, 06 Jul 2026 04:59 PM (IST)
Updated Date: Mon, 06 Jul 2026 05:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਆਈਏਐਸ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਬਸਿਡਰੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਿਹਤ ਕੇਂਦਰ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਅਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਭ ਤੋਂ ਪਹਿਲਾਂ ਸਟਾਫ਼ ਦੀ ਹਾਜ਼ਰੀ ਦੀ ਪੜਤਾਲ ਕੀਤੀ ਅਤੇ ਮੌਕੇ ਤੇ ਸਮੁੱਚਾ ਸਟਾਫ਼ ਡਿਊਟੀ ਤੇ ਹਾਜ਼ਰ ਪਾਇਆ ਗਿਆ। ਉਨ੍ਹਾਂ ਨੇ ਕੇਂਦਰ ਵਿੱਚ ਦਵਾਈਆਂ ਦੇ ਸਟਾਕ, ਰੋਜ਼ਾਨਾ ਓ.ਪੀ.ਡੀ. ਰਿਕਾਰਡ ਦੇ ਇੰਦਰਾਜ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਦਵਾਈਆਂ ਦੀ ਉਪਲਬਧਤਾ ਦੀ ਵੀ ਜਾਂਚ ਕੀਤੀ। ਰਿਕਾਰਡ ਦਾ ਰੱਖ-ਰਖਾਅ ਪੂਰੀ ਤਰ੍ਹਾਂ ਮੁਕੰਮਲ ਅਤੇ ਸਹੀ ਪਾਇਆ ਗਿਆ। ਸਿਹਤ ਕੇਂਦਰ ਦੀ ਇਮਾਰਤ ਅਤੇ ਆਲੇ-ਦੁਆਲੇ ਦੇ ਸਾਫ਼-ਸਫ਼ਾਈ ਪ੍ਰਬੰਧਾਂ ਤੇ ਵਿਸ਼ੇਸ਼ ਤੌਰ ਤੇ ਤਸੱਲੀ ਪ੍ਰਗਟ ਕਰਦਿਆਂ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਲਈ ਸਿਹਤਮੰਦ ਅਤੇ ਸਾਫ਼-ਸੁਥਰਾ ਮਾਹੌਲ ਹੋਣਾ ਬੇਹੱਦ ਲਾਜ਼ਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੈਡੀਕਲ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਨ ਦੀ ਵੀ ਸ਼ਲਾਘਾ ਕੀਤੀ। ਸਿਹਤ ਕੇਂਦਰ ਦੇ ਸਮੁੱਚੇ ਪ੍ਰਬੰਧਾਂ ਨੂੰ ਮਿਆਰੀ ਅਤੇ ਤਸੱਲੀਬਖਸ਼ ਪਾਏ ਜਾਣ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਕੇਂਦਰ ਦੇ ਪ੍ਰਬੰਧਕਾਂ ਅਤੇ ਮੈਡੀਕਲ ਸਟਾਫ਼ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।