ਏਡੀਸੀ ਪੂਨਮ ਸਿੰਘ ਤੇ ਐਸਪੀ ਹਿਨਾ ਗੁਪਤਾ ਵੱਲੋਂ ਅਨਾਜ ਮੰਡੀ ਖਿਆਲਾ ਕਲਾਂ ਦਾ ਅਚਨਚੇਤ ਨਿਰੀਖਣ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ
Publish Date: Sun, 01 Nov 2026 04:27 PM (IST)
Updated Date: Sun, 01 Nov 2026 04:29 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਫਸਲ ਦੀ ਸੁਚੱਜੀ ਖਰੀਦ, ਲਿਫਟਿੰਗ ਤੇ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਐਸਪੀ ਹਿਨਾ ਗੁਪਤਾ ਸਮੇਤ ਅਨਾਜ ਮੰਡੀ ਖਿਆਲਾ ਕਲਾਂ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਝੋਨੇ ਦੇ ਖਰੀਦ ਪ੍ਰਬੰਧਾਂ, ਲਿਫਟਿੰਗ ਦੀ ਸਥਿਤੀ, ਪੀਣ ਵਾਲੇ ਸਾਫ ਪਾਣੀ ਤੇ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਮੌਜੂਦ ਕਿਸਾਨਾਂ, ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਦੇ ਸੁਝਾਅ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਸਮੇਂ ਸਿਰ ਚੁੱਕਣਾ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਕਿਸਾਨਾਂ ਵੱਲੋਂ ਧਿਆਨ ਵਿਚ ਲਿਆਂਦੀਆਂ ਗਈਆਂ ਸਥਾਨਕ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਏਡੀਸੀ ਪੂਨਮ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਤੇ ਨਿਰਧਾਰਤ ਨਮੀ ਵਾਲੀ ਫਸਲ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਏਜੰਸੀਆਂ ਵੱਲੋਂ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਬੋਲੀ ਲਗਾਈ ਜਾ ਸਕੇ ਅਤੇ ਲਿਫਟਿੰਗ ਦੀ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫਸਲ ਦੀ ਚੁਕਾਈ ਅਤੇ ਅਦਾਇਗੀ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।