ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ, ਲੋਕ ਪਰੇਸ਼ਾਨ
ਮਾਨਸਾ ਸੁਵਿਧਾ ਕੇਂਦਰ ਮਾਨਸਾ ਸੁਵਿਧਾ ਕੇਂਦਰ ਮਾਨਸਾ ਸੁਵਿਧਾ ਕੇਂਦਰ
Publish Date: Fri, 10 Apr 2026 06:38 PM (IST)
Updated Date: Sat, 11 Apr 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਵਿਧਾ ਕੇਂਦਰ ਦੇ ਬਾਹਰ ਖੜ੍ਹੇ ਲੋਕਾਂ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦਾ ਕੰਮ ਨਾ ਹੋਇਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਵੀ ਮਜਬੂਰ ਹੋਣਗੇ। ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਕਹਿ ਕੇ ਗੇਟ ਬੰਦ ਕਰ ਲਿਆ। ਇਸ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸਾਰੇ ਕੰਮ ਆਨਲਾਈਨ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਦੂਸਰੇ ਪਾਸੇ ਸੁਵਿਧਾ ਕੇਂਦਰਾਂ ਵਿੱਚ ਆਮ ਲੋਕਾਂ ਦੀ ਖੱਜਲ ਖੁਆਰੀ ਹੋ ਰਹੀ ਹੈ।
ਉਨ੍ਹਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਤੇ ਵੀ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਾ ਹੈ ਤਾਂ ਸਾਰੇ ਲੋਕ ਉਨ੍ਹਾਂ ਨਾਲ ਧਰਨੇ ਤੇ ਬੈਠਣ ਲਈ ਮਜ਼ਬੂਰ ਹਨ। ਪਰ ਗੇਟ ਬੰਦ ਕਰਕੇ ਉਨ੍ਹਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਕਈ ਬਜ਼ੁਰਗ ਔਰਤਾਂ ਨੇ ਕਿਹਾ ਕਿ ਉਹ ਬਿਮਾਰ ਹੋਣ ਦੇ ਬਾਵਜੂਦ ਵੀ ਸਵੇਰ ਤੋਂ ਸੁਵਿਧਾ ਕੇਂਦਰ ਦੇ ਬਾਹਰ ਖੜ੍ਹੇ ਹਨ। ਪਰ ਉਨ੍ਹਾਂ ਦੀ ਸਮੱਸਿਆ ਕਿਸੇ ਵੱਲੋਂ ਵੀ ਨਹੀਂ ਸੁਣੀ ਜਾ ਰਹੀ। ਦੂਜੇ ਪਾਸੇ ਸੁਵਿਧਾ ਕੇਂਦਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਨਾ ਮਿਲਣ ਅਤੇ ਬੋਨਸ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।