ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਵਿਖੇ ਵੋਟਰ ਜਾਗਰੂਕਤਾ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ
Publish Date: Tue, 17 Nov 2026 04:34 PM (IST)
Updated Date: Tue, 17 Nov 2026 04:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬੁਢਲਾਡਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬੁਢਲਾਡਾ ਵਿਖੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਐਸਡੀਐਮ ਗੁਰਮੀਤ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿਦਿਆਰਥਣਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਲੇਖ ਰਚਨਾ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਵੋਟ ਦੀ ਮਹੱਤਤਾ, ਸਾਫ਼-ਸੁਥਰੀ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੀ ਮਜ਼ਬੂਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਕੁਇਜ਼ ਮੁਕਾਬਲੇ ਰਾਹੀਂ ਵਿਦਿਆਰਥਣਾਂ ਦੇ ਚੋਣ ਪ੍ਰਕਿਰਿਆ ਸਬੰਧੀ ਗਿਆਨ ਦੀ ਪਰਖ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਗੁਰਮੀਤ ਕੁਮਾਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਦੀ ਨੀਂਹ, ਜਾਗਰੂਕ ਵੋਟਰਾਂ ਤੇ ਟਿਕੀ ਹੁੰਦੀ ਹੈ। ਉਨ੍ਹਾਂ ਨੌਜਵਾਨ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਹੋਣ ਤੇ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਬਿਨ੍ਹਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਂਢ-ਗੁਆਂਢ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਵੀਪ ਟੀਮ ਦੇ ਨੋਡਲ ਅਫ਼ਸਰ ਪ੍ਰਦੀਪ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ, ਊਧਮ ਸਿੰਘ ਤੇ ਸ਼ਸ਼ੀ ਕਾਂਤ, ਸਕੂਲ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।