ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਤਣਾਅ: ਬਠਿੰਡਾ ਜਾ ਰਹੇ ਉਗਰਾਹਾਂ ਜਥੇਬੰਦੀ ਦੇ ਕਾਫਲੇ ਨੂੰ ਭੈਣੀ ਬਾਘਾ ਵਿਖੇ ਰੋਕਿਆ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਵਿੱਚ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਗਾਏ ਜਾਣ ਵਾਲੇ ਧਰਨੇ ਲਈ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਭੈਣੀ ਬਾਗਾਘਾ ਵਿਖੇ ਇਕੱਠੇ ਹੋਏ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਰੋਕ ਲਿਆ ਗਿਆ।
Publish Date: Wed, 18 Feb 2026 01:45 PM (IST)
Updated Date: Wed, 18 Feb 2026 01:47 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਵਿੱਚ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਗਾਏ ਜਾਣ ਵਾਲੇ ਧਰਨੇ ਲਈ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਭੈਣੀ ਬਾਗਾਘਾ ਵਿਖੇ ਇਕੱਠੇ ਹੋਏ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਰੋਕ ਲਿਆ ਗਿਆ।
ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ ਕਿਸਾਨ ਸ਼ਗਨਦੀਪ ਸਿੰਘ (ਪਿੰਡ ਜੀਉਂਦ ) ਅਤੇ ਬਲਦੇਵ ਸਿੰਘ (ਪਿੰਡ ਚਾਉਕੇ) ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਸ਼ਾਂਤਮਈ ਧਰਨਾ ਦਿੱਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਬਠਿੰਡਾ ਵਿਖੇ ਧਰਨਾ ਦਿੱਤਾ ਗਿਆ।
ਧਰਨੇ ਦੌਰਾਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ ਤਣਾਅ ਦਾ ਮਾਹੌਲ ਬਣ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੂੰ 14 ਤਾਰੀਖ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁੜ ਧਰਨੇ ਦਾ ਐਲਾਨ ਕੀਤਾ ਗਿਆ। ਮਾਨਸਾ ਦੇ ਭੈਣੀ ਬਾਘਾ ਵਿਖੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਸਨ, ਪਰ ਪੁਲਿਸ ਵੱਲੋਂ ਬੱਸਾਂ ਅਤੇ ਹੋਰ ਵਾਹਨ ਲਗਾ ਕੇ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਪਰਖ ਲੈ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਆੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।