ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ
Publish Date: Sun, 15 Nov 2026 03:55 PM (IST)
Updated Date: Sun, 15 Nov 2026 03:57 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਈ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕੁਲਦੀਪ ਸਿੰਘ ਬੀਐੱਨਓ ਬਲਾਕ ਮਾਨਸਾ, ਅੰਮ੍ਰਿਤਪਾਲ ਸਿੰਘ ਸਪੋਰਟਸ ਕੋਆਰਡੀਨੇਟਰ ਅਤੇ ਵਿਨੋਦ ਕੁਮਾਰ ਪੀਟੀਆਈ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਵੀ ਆਪਣੀ ਹਾਜ਼ਰੀ ਲਗਵਾ ਕੇ ਸਕੂਲ ਨਾਲ ਆਪਣੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਇਨ੍ਹਾਂ ਵਿਚ ਜਗਦੀਪ ਸਿੰਘ ਐੱਸਐੱਚਓ, ਧਰਮਿੰਦਰ ਕੁਮਾਰ ਐੱਸਓ ਫੂਡ ਸਪਲਾਈ, ਬੂਟਾ ਸਿੰਘ ਏਐੱਸਆਈ, ਜਗਸੀਰ ਸਿੰਘ ਪੀਟੀਆਈ, ਮਨੋਜ ਕੁਮਾਰ ਈਟੀਟੀ ਅਧਿਆਪਕ, ਰਜਿੰਦਰ ਸਿੰਘ ਸੀਐੱਚਟੀ, ਸ਼ਹੀਦ ਬਦਨ ਸਿੰਘ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਤੇ ਐੱਸਐੱਮਸੀ ਚੇਅਰਮੈਨ ਸੀਮਾ ਬੇਗਮ ਸ਼ਾਮਲ ਸਨ। ਐਥਲੈਟਿਕਸ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤੀਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੀਲਮ ਰਾਣੀ ਤੇ ਹੋਰ ਪਤਵੰਤਿਆਂ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ, ਮਿਹਨਤ ਅਤੇ ਲਗਨ ਨਾਲ ਨਿਭਾਈਆਂ, ਜਿਸ ਸਦਕਾ ਇਹ ਸਮਾਗਮ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ।