ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਕੁਸਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Sat, 14 Nov 2026 04:13 PM (IST)
Updated Date: Sat, 14 Nov 2026 04:15 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕੁਸਲਾ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਤੇ ਇਲਾਕੇ ਦੀਆਂ ਸੰਗਤਾਂ ਨੇ ਤਨ, ਮਨ ਤੇ ਧਨ ਨਾਲ ਸੇਵਾ ਕੀਤੀ। ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਰਤੀਆ ਜ਼ੋਨ ਦੇ ਸੇਵਾਦਾਰ ਸੁਖਦੇਵ ਸਿੰਘ ਅਤੇ ਐੱਮਸੀਐੱਚ ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਗਈ, ਜਿਸ ਦੌਰਾਨ ਸਮੂਹ ਸੰਗਤ ਨੇ ਰਸ-ਭਿੰਨੀ ਅੰਮ੍ਰਿਤਮਈ ਬਾਣੀ ਸਰਵਣ ਕਰਕੇ ਆਨੰਦ ਪ੍ਰਾਪਤ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨਾਲ ਸਬੰਧਤ ਸ਼ਬਦ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ। ਬੱਚਿਆਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਸੰਗਤ ਦਾ ਮਨ ਮੋਹ ਲਿਆ ਅਤੇ ਗੁਰੂ ਸਾਹਿਬ ਦੇ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਹੁਤ ਸੁੰਦਰ ਢੰਗ ਨਾਲ ਸੰਗਤ ਤੱਕ ਪਹੁੰਚਾਇਆ। ਸਕੂਲ ਮੁਖੀ ਡਾ. ਭਜਨ ਕੌਰ ਜੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਭ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸਮਾਪਤੀ ’ਤੇ ਅਰਦਾਸ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਵਿਦਾ ਕੀਤਾ ਗਿਆ। ਸਮਾਗਮ ਵਿੱਚ ਪਹੁੰਚੀ ਸੰਗਤ ਅਤੇ ਮਾਪਿਆਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਅਤੇ ਸਾਇੰਸ-ਮੈਥ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਮਾਡਲਾਂ ਅਤੇ ਰਚਨਾਤਮਕ ਕਾਰਜਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮੁੱਚਾ ਸਮਾਗਮ ਸ਼ਰਧਾ, ਸੇਵਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਰਿਹਾ।