ਦਿ ਰੌਇਲ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ
ਉਤਸ਼ਾਹ ਨਾਲ ਮਨਾਇਆ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ
Publish Date: Mon, 23 Nov 2026 04:40 PM (IST)
Updated Date: Mon, 23 Nov 2026 04:43 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਦਿ ਰਾਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਸਮੁੱਚਾ ਮਾਹੌਲ ਗੁਰਬਾਣੀ ਦੇ ਰਸਭਿੰਨੇ ਸ਼ਬਦਾਂ ਨਾਲ ਅਧਿਆਤਮਿਕ ਤੇ ਸ਼ਾਂਤਮਈ ਬਣ ਗਿਆ। ਸਾਰਿਆਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਮਹਾਨ ਜੀਵਨ, ਫਲਸਫ਼ੇ ਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਯਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਪਿਆਰ, ਸਾਂਝੀਵਾਲਤਾ, ਸੱਚਾਈ ਤੇ ਸੇਵਾ ਦਾ ਸੰਦੇਸ਼ ਦਿੱਤਾ। ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਿਧਾਂਤ ਅੱਜ ਵੀ ਮਨੁੱਖੀ ਜੀਵਨ ਲਈ ਬਹੁਤ ਮਹੱਤਵਪੂਰਨ ਹੈ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਨੂੰ ਇੱਕ ਸਮਾਨ ਸਮਝਣ ਦੀ ਸਿੱਖਿਆ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿਰਫ਼ ਕਿਸੇ ਇੱਕ ਵਰਗ ਜਾਂ ਧਰਮ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਸਕੂਲ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵੀ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।