ਕਰਜ਼ੇ ਦਾ ਦੈਂਤ ਅੱਜ ਵੀ ਕਿਸਾਨਾਂ ਨੂੰ ਨਿਗਲ ਰਿਹੈ : ਗੁਰਪ੍ਰੀਤ ਵਿੱਕੀ
ਕੋਟਕਪੂਰਾ ਨੇੜੇ ਕਰਜ਼ੇ ਦੀ ਮਾਰ ਹੇਠ ਆ ਕੇ
Publish Date: Tue, 24 Mar 2026 05:59 PM (IST)
Updated Date: Wed, 25 Mar 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕੋਟਕਪੂਰਾ ਨੇੜੇ ਕਰਜ਼ੇ ਦੀ ਮਾਰ ਹੇਠ ਆ ਦੋ ਸਕੇ ਕਿਸਾਨ ਭਰਾਵਾਂ ਵੱਲੋਂ ਰੇਲ ਗੱਡੀ ਅੱਗੇ ਖੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਨੇ ਸਾਰੇ ਪੰਜਾਬ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਦੁੱਖਦਾਈ ਘਟਨਾ ਨੇ ਇੱਕ ਵਾਰ ਫ਼ਿਰ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਕਿਸਾਨ ਗੰਭੀਰ ਆਰਥਿਕ ਤੇ ਮਾਨਸਿਕ ਸੰਕਟ ਵਿੱਚੋਂ ਲੰਘ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ। ਇਸ ਮੌਕੇ ਵਿੱਕੀ ਨੇ ਕਿਹਾ ਕਿ ਇਹ ਘਟਨਾ ਸਿਰਫ਼ ਖੁਦਕੁਸ਼ੀ ਨਹੀਂ, ਸਗੋਂ ਸਰਕਾਰਾਂ ਦੀ ਨਾਕਾਮ ਨੀਤੀਆਂ ਦਾ ਨਤੀਜਾ ਹੈ। ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਵਰਗੇ ਕਿਸਾਨਾਂ ਨੂੰ ਇਸ ਹੱਦ ਤੱਕ ਧੱਕ ਦੇਣਾ ਸਿਸਟਮ ਦੀ ਵੱਡੀ ਅਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਕੀਤੇ ਵਾਅਦੇ—ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਖੁਦਕੁਸ਼ੀਆਂ ਨੂੰ ਰੋਕਣਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਵਿੱਕੀ ਨੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਆਪਣਾ ਵਾਅਦਾ ਯਾਦ ਕਰਵਾਇਆ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ 2022 ਦੀ ਇਲੈਕਸ਼ਨ ਤੋਂ ਬਾਅਦ ਪੰਜਾਬ ਦਾ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਅੱਜ ਵੀ ਕਿਸਾਨ ਕਰਜ਼ੇ, ਘੱਟ ਫ਼ਸਲੀ ਭਾਅ ਅਤੇ ਵਧਦੇ ਖਰਚਿਆਂ ਕਾਰਨ ਤਬਾਹੀ ਕੰਢੇ ਖੜ੍ਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਵਾਜਬ ਭਾਅ ਤੇ ਫ਼ਸਲੀ ਬੀਮੇ ਵਰਗੇ ਰਾਹਤ ਕਾਰਜ ਕਰਕੇ ਪੰਜਾਬ ਸਮੇਤ ਪੂਰ੍ਹੇ ਦੇਸ਼ ਦੀ ਕਿਸਾਨੀ ਤੇ ਕਿਸਾਨ ਨੂੰ ਬਚਾਇਆ ਜਾ ਸਕੇ।