ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ

- ਪਿੰਡ ਰੱਲਾ ’ਚ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਦਲ ਮਾਰਚ ਰਾਹੀਂ ਘਰ ਘਰ ਪਹੁੰਚ ਕਰ ਕੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਅਤੇ ਲੋਕਾਂ ਨੂੰ ਨਸ਼ਾ ਸਮੱਗਲਰਾਂ ਅਤੇ ਨਸ਼ੇ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਨ ਸਮੂਹ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਪਿੰਡਾਂ ਦੇ ਪਹਿਰੇਦਾਰ ਬਣ ਕੇ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਨਸ਼ੇ ਦੇ ਆਦਿ ਵਿਅਕਤੀਆਂ ਦੀ ਨਸ਼ਾ ਛੁਡਵਾਉਣ ਵਿਚ ਮਦਦ ਕਰਨੀ ਹੈ ਅਤੇ ਉਨ੍ਹਾਂ ਦਾ ਇਲਾਜ ਕਰਵਾਉਣਾ ਹੈ। ਨਸ਼ੇ ਦਾ ਵਪਾਰ ਕਰਨ ਵਾਲੇ ਵਿਅਕਤੀਆਂ ’ਤੇ ਲਗਾਮ ਕੱਸਣੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੇ ਨਾਲ ਹੈ। ਲੋਕ ਜਦੋਂ ਚਾਹੁਣ ਜ਼ਿਲ੍ਹਾ ਪ੍ਰਸ਼ਾਸਨ ਤਕ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਪਹੁੰਚ ਕਰ ਸਕਦੇ ਹਨ।
ਇਸ ਮੌਕੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਨਸਾ ਪੁਲਿਸ ਸਰਗਰਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਦੀ ਜਾਣਕਾਰੀ ਬੇਝਿੱਜਕ, ਬਿਨਾਂ ਕਿਸੇ ਡਰ ਭੈਅ ਦੇ ਪੁਲਿਸ ਨੂੰ ਦੇ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਕੀਤੇ ਟੌਲ ਫ਼ਰੀ ਨੰਬਰ ਅਤੇ ਨਸ਼ਾ ਮੁਕਤੀ ਐਪ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਹੁਣ ਤਕ ਨਸ਼ੇ ਦੇ ਆਦਿ ਕਰੀਬ 03 ਹਜ਼ਾਰ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਹੁਣ ਤਕ ਨਸ਼ੇ ਦੀ ਸਪਲਾਈ ਕਰਨ ਵਾਲੇ 1200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜ਼ੋਨ ਇੰਚਾਰਜ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਹਰੇਕ ਗ੍ਰਾਮ ਪੰਚਾਇਤ ਅਤੇ ਵਾਰਡ ਵਿੱਚ ਵੀਲੇਜ਼ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵੀਡੀਸੀ /ਡਬਲਯੂਡੀਸੀ ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਿਆਈ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿਚ ਆਖ਼ਰੀ ਦਮ ਤਕ ਲੜਾਈ ਲੜੀ ਜਾਵੇਗੀ। ਜਾਗਰੂਕਤਾ ਮਾਰਚ ਦੌਰਾਨ ਲੋਕਾਂ ਨਾਲ ਘਰ-ਘਰ ਜਾ ਕੇ ਗੱਲਬਾਤ ਕੀਤੀ ਗਈ। ਜਾਗਰੂਕਤਾ ਪੈਂਫਲੈੱਟ ਵੰਡੇ ਗਏ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਸਰਪੰਚ ਹਰਭਜਨ ਸਿੰਘ, ਬਹਾਦਰ ਸਿੰਘ ਤੋਂ ਇਲਾਵਾ ਪਿੰਡ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ।