ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਜੱਥੇਬੰਦੀ ਵੱਲੋਂ ਮੰਗਲਵਾਰ ਕੀਤਾ ਜਾਵੇਗਾ ਸਿਹਤ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ
Publish Date: Sun, 13 Sep 2026 05:00 PM (IST)
Updated Date: Sun, 13 Sep 2026 05:02 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜੱਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟਸੋਰਸ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਨਾਜ਼ਰ ਸਿੰਘ ਮਾਨਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੱਥੇਬੰਦੀ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧੇ ਨੂੰ ਲੈ ਮਿਤੀ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ, ਜਿਸ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਭਾਰੀ ਗਿਣਤੀ ਵਿਚ ਕੀਤੇ ਜਾਣਗੇ। ਇਹ ਅਰਥੀ ਫੂਕ ਮੁਜ਼ਾਹਰੇ ਮਿਤੀ 14 ਸਤੰਬਰ ਤੋਂ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਨਵਾਂ ਸ਼ਹਿਰ, ਮਾਨਸਾ, ਪਠਾਨਕੋਟ, ਪਟਿਆਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ ਅਤੇ ਬਾਕੀ ਰਹਿੰਦੇ ਜਿਲ੍ਹਿਆਂ ਵਿਚ ਸਿਹਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਕੇ ਕੀਤੇ ਜਾਣਗੇ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਜੱਥੇਬੰਦੀ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਕੁਮਾਰ ਨੇ ਦੱਸਿਆ ਕਿ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਪੰਜਾਬ ਸਰਕਾਰ ਖਿਲਾਫ਼ ਇਸ ਦਿਨ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਲੀਫ਼ਲੈਟ ਵੰਡਕੇ ਆਮ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਬੋਲੇ ਝੂਠਾਂ ਬਾਰੇ ਜਾਗੂਰਕ ਕੀਤਾ ਜਾਵੇਗਾ।