ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ’ਚ ਭਾਨਾ ਸਿੱਧੂ ਦਾ ਵੱਡਾ ਬਿਆਨ: ਪੰਜਾਬ ਬੰਦ ਅੰਦੋਲਨ ਨੂੰ ਨਾ ਦਬਾਇਆ ਜਾ ਸਕਦਾ ਹੈ ਤੇ ਨਾ ਹੀ ਦਬਾਇਆ ਜਾ ਸਕੇਗਾ
ਉਨ੍ਹਾਂ ਕਿਹਾ ਕਿ ਮੋਗਾ ਵਿਖੇ ਵੀ ਸੰਗਤਾਂ ਨੂੰ ਰੋਕਣ ਦੀ ਗੱਲ ਸਾਹਮਣੇ ਆਈ ਹੈ। ਭਾਨਾ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੱਖ-ਵੱਖ ਥਾਵਾਂ ’ਤੇ ਰੋਕਿਆ ਜਾਂਦਾ ਹੈ ਜਾਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾਂਦੀਆਂ ਹਨ ਤਾਂ ਵੀ ਲੋਕਾਂ ਦੇ ਇਸ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਵਿਰੁੱਧ ਲੜਾਈ ਲਈ ਘਰਾਂ ’ਚੋਂ ਬਾਹਰ ਨਿਕਲ ਚੁੱਕੇ ਹਨ ਅਤੇ ਪਰਵਿੰਦਰ ਸਿੰਘ ਝੋਟਾ ਦੀ ਸੋਚ ’ਤੇ ਪਹਿਰਾ ਦੇ ਰਹੇ ਹਨ।
Publish Date: Thu, 15 Oct 2026 10:46 AM (IST)
Updated Date: Thu, 15 Oct 2026 10:52 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦੇ ਅਸਤੀਫ਼ਿਆਂ ਤੋਂ ਇਲਾਵਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮੰਗਾਂ ਨੂੰ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕਮੇਟੀ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਤਹਿਤ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪੰਜਾਬ ਬੰਦ ਕੀਤਾ ਹੋਇਆ ਹੈ।
ਇਸ ਦੌਰਾਨ ਜਗ੍ਹਾ-ਜਗ੍ਹਾ ਤੋਂ ਮਾਨਸਾ ਵੱਲ ਆ ਰਹੀਆਂ ਸੰਗਤਾਂ ਨੂੰ ਰੋਕਿਆ ਜਾ ਰਿਹਾ ਹੈ। ਮੋਗਾ ਵਿਖੇ ਸੰਗਤਾਂ ਨੂੰ ਰੋਕਿਆ ਗਿਆ ਹੈ ਜਦੋਂ ਕਿ ਰਾਮਪੁਰਾ ਸਟੇਸ਼ਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਦੇ ਵਰਕਰਾਂ ਨੂੰ ਗ੍ਰਿਫ਼ਤਾਰ ਪੁਲਿਸ ਵੱਲੋਂ ਕੀਤਾ ਗਿਆ ਹੈ।
ਧਰਨੇ ਦੌਰਾਨ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਐੱਸ.ਐੱਸ.ਪੀ. ਵੈਭਵ ਚੌਧਰੀ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਪੁਲਿਸ ਪ੍ਰਸ਼ਾਸਨ ਗੱਲਬਾਤ ਲਈ ਪਹੁੰਚਿਆ ਹੋਇਆ ਹੈ ਪਰ ਅਜੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ।
ਮਾਨਸਾ ਪਹੁੰਚੇ ਭਾਨਾ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਚ ਲੋਕਾਂ ਦੇ ਅੰਦੋਲਨਾਂ ਨੂੰ ਨਾ ਤਾਂ ਕਦੇ ਦਬਾਇਆ ਜਾ ਸਕਿਆ ਹੈ ਅਤੇ ਨਾ ਹੀ ਭਵਿੱਖ ’ਚ ਦਬਾਇਆ ਜਾ ਸਕੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਾਨਸਾ ਪਹੁੰਚਣ ਵਾਲੀਆਂ ਸੰਗਤਾਂ ਨੂੰ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਗਾ ਵਿਖੇ ਵੀ ਸੰਗਤਾਂ ਨੂੰ ਰੋਕਣ ਦੀ ਗੱਲ ਸਾਹਮਣੇ ਆਈ ਹੈ। ਭਾਨਾ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੱਖ-ਵੱਖ ਥਾਵਾਂ ’ਤੇ ਰੋਕਿਆ ਜਾਂਦਾ ਹੈ ਜਾਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾਂਦੀਆਂ ਹਨ ਤਾਂ ਵੀ ਲੋਕਾਂ ਦੇ ਇਸ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਵਿਰੁੱਧ ਲੜਾਈ ਲਈ ਘਰਾਂ ’ਚੋਂ ਬਾਹਰ ਨਿਕਲ ਚੁੱਕੇ ਹਨ ਅਤੇ ਪਰਵਿੰਦਰ ਸਿੰਘ ਝੋਟਾ ਦੀ ਸੋਚ ’ਤੇ ਪਹਿਰਾ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਤ ਸਮੇਂ ਹੋਈ ਬਾਰਿਸ਼ ਕਾਰਨ ਮਾਨਸਾ ’ਚ ਧਰਨੇ ਵਾਲੀ ਥਾਂ ’ਤੇ ਪਾਣੀ ਖੜ੍ਹਾ ਹੋ ਗਿਆ ਹੈ ਪਰ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਲੋਕ ਮਾਨਸਾ ਪਹੁੰਚਣਗੇ ਅਤੇ ਇਸ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕੇਗਾ।