ਦਿ ਰੌਇਲ ਗਲੋਬਲ ਸਕੂਲ ਨੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ
ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ
Publish Date: Thu, 02 Apr 2026 07:11 PM (IST)
Updated Date: Thu, 02 Apr 2026 07:13 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ’ਚ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਪਰਮਾਤਮਾ ਦੇ ਨਾਮ ਨਾਲ ਕਰਨ ਸਦਕਾ ਸਾਰਥਕ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕ੍ਰਿਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਕੂਲ ਦੇ ਨਤੀਜੇ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਅਸੀਂ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕਰਾਂਗੇ। ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਅਧਿਆਤਮਿਕ ਗਿਆਨ ਵੀ ਪ੍ਰਦਾਨ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਇੱਕ ਚੰਗੇ ਨਾਗਰਿਕ ਬਣ ਸਕਣ।
ਇਸ ਮੌਕੇ ਡਾ. ਰਾਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਅਤੇ ਸਾਡੇ ਰੀਤੀ ਰਿਵਾਜ਼ਾਂ ਤੋਂ ਜਾਣੂ ਕਰਵਾਉਣਾ ਵੀ ਸਕੂਲ ਦਾ ਕਰਤੱਬ ਹੈ। ਇਸ ਨਾਲ ਵਿਦਿਆਰਥੀਆਂ ਵਿੱਚ ਸਾਕਾਰਤਮਕ ਸੋਚ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੰਮ ਬੋਲਣਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਆਪਣੇ ਕੰਮ ਬਾਰੇ ਦੱਸਣ ਦੀ ਲੋੜ ਨਾ ਪਵੇ। ਉਨ੍ਹਾਂ ਦੱਸਿਆ ਕਿ ਦਿ ਰੌਇਲ ਗਲੋਬਲ ਸਕੂਲ ਮਾਨਸਾ ਜ਼ਿਲ੍ਹੇ ਦਾ ਪਹਿਲਾ ਸਕੂਲ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਦੀ ਸਥਾਪਨਾ ਕੀਤੀ ਜਾਵੇਗੀ। ਇਸ ਨਾਲ ਵਿਦਿਆਰਥੀਆਂ ਨੂੰ ਏਆਈ ਤਕਨਾਲੋਜੀ ਦੀਆਂ ਬੁਨਿਆਦੀ ਤਕਨੀਕਾਂ ਸਿੱਖਣ ਦਾ ਮੌਕਾ ਮਿਲੇਗਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਸਮੇਂ ਖਿਆਲਾ ਕਲਾਂ ਦੀ ਪੰਚਾਇਤ, ਕੋਟੜਾ ਕਲਾਂ ਅਤਲਾ ਕਲਾਂ, ਪਿੰਡ ਰੱਲਾ, ਮਾਨਸਾ, ਭੀਖੀ ਦੇ ਪਤਵੰਤਿਆਂ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ। ਪਾਠ ਦੇ ਭੋਗ ਉਪਰੰਤ ਸਕੂਲ ਵੱਲੋਂ ਚਾਹ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਸਕੂਲ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਗਲੀ ਜਮਾਤ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਬਹੁਤ ਖ਼ੁਸ਼ ਅਤੇ ਉਤਸ਼ਾਹ ਵਿੱਚ ਨਜ਼ਰ ਆਏ।