ਕਿਸੇ ਦਾ ਰੁਜ਼ਗਾਰ ਖੋਹਣ ਨਹੀਂ ਦੇਵਾਂਗੇ : ਡੀਟੀਐੱਫ਼ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ
Publish Date: Thu, 10 Sep 2026 09:06 PM (IST)
Updated Date: Fri, 11 Sep 2026 04:11 AM (IST)
ਸਫ਼ਾਈ ਸੇਵਕਾਂ ਚੌਕੀਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ਼ ਬੇਲੋੜਾ ਟਕਰਾਅ ਪੈਦਾ ਕਰ ਕੇ ਸੂਬੇ ਭਰ ਚ ਵਿਧਾਨਿਕ ਸੰਕਟ ਪੈਦਾ ਕੀਤਾ ਹੋਇਆ ਹੈ, ਦੂਜੇ ਪਾਸੇ ਮਜ਼ਬੂਰੀ ਵੱਸ ਨਿਗੂਣੀਆਂ ਤਨਖ਼ਾਹਾਂ ਤੇ ਸਕੂਲਾਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਨੂੰ ਡਾਇਰੈਕਟਰ ਸਿੱਖਿਆ(ਸੈਕੰਡਰੀ) ਦੇ ਮੀਮੋ ਨੰਬਰ ਸ,ਸ,ਅ,/ਸਮਾਰਟ ਸਕੂਲ 2024 /270355 ਮਿਤੀ 18/10/24 ਦੀ ਮੱਦ ਨੰਬਰ 3. ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਦੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਬਜਟ ਜਾਰੀ ਕੀਤਾ ਜਾਵੇ। ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਸਫ਼ਾਈ ਖਾਣੇ ਅਤੇ ਸਕੂਲਾਂ ਦੀ ਸੁਰੱਖਿਆ ਲਈ ਗਿਣਤੀਆਂ ਮਿਣਤੀਆਂ ਕਰਨੀਆਂ ਕਿਸੇ ਵੀ ਪੱਧਰ ਤੇ ਵਾਜਿਬ ਨਹੀਂ। ਉਨ੍ਹਾਂ ਕਿਹਾ ਕਿ ਕੱਚਾ ਅਤੇ ਨਿਗੂਣਾ ਰੁਜ਼ਗਾਰ ਦੇ ਕੇ ਛਾਂਟੀ ਦੀ ਤਲਵਾਰ ਲਟਕਾਈ ਰੱਖਣ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾਵੇਗਾ। ਡੀਟੀਐੱਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜੱਥੇਬੰਦੀ ਵੱਲੋਂ ਲਗਾਤਾਰ ਸਕੂਲਾਂ ਵਿਚ ਪੱਕੇ ਸਫ਼ਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਦੀ ਨਿਯੁਕਤੀ ਦੀ ਮੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਜ਼ਾ ਚਾਰ ਦੀਆਂ ਸਾਰੀਆਂ ਅਸਾਮੀਆਂ ਨੂੰ ਖ਼ਤਮ ਕਰਕੇ ਉਨ੍ਹਾਂ ਦੀ ਥਾਂ ਆਊਟ ਸੋਰਸਿੰਗ ਅਤੇ ਕੰਟਰੈਕਟ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਅਣ -ਐਲਾਨੀ ਵਿੱਤੀ ਐਮਰਜੈਂਸੀ ਲਗਾਈ ਗਈ ਹੈ, ਜਿਸ ਤਹਿਤ ਹਰ ਵਰਗ ਦੀਆਂ ਉਜ਼ਰਤਾਂ ਅਤੇ ਭੱਤਿਆਂ ਦੀ ਵੱਡੇ ਪੱਧਰ ਤੇ ਕਟੌਤੀ ਕੀਤੀ ਗਈ ਹੈ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਤਿੱਖਾ ਸੁਆਲ ਕਰਦਿਆਂ ਕਿਹਾ ਕਿ ਬੱਚਿਆਂ ਦੀ ਗਿਣਤੀ ਦਾ ਸਕੂਲ ਦੀ ਸਫ਼ਾਈ ਨਾਲ ਕੀ ਸਬੰਧ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਦਾ ਵੀ ਰੁਜ਼ਗਾਰ ਉਜਾੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਪੰਜਾਬ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ ਆਦਿ ਅਧਿਆਪਕ ਆਗੂ ਹਾਜ਼ਰ ਸਨ।