ਪਰਵਿੰਦਰ ਸਿੰਘ ਝੋਟਾ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ, 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸਮਾਗਮ
ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮੌਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।
Publish Date: Mon, 09 Nov 2026 04:31 PM (IST)
Updated Date: Mon, 09 Nov 2026 04:38 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ। ਪਹਿਲਾਂ ਇਹ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ, ਪਿੰਡ ਕੋਟਧਰਮੂ ਵਿਖੇ ਰੱਖਿਆ ਗਿਆ ਸੀ।
ਪੰਜਾਬ ਭਰ ਤੋਂ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਨਸ਼ਿਆਂ ਵਿਰੁੱਧ ਸੰਘਰਸ਼ਸ਼ੀਲ ਲੋਕਾਂ ਦੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਮਾਗਮ ਦਾ ਸਥਾਨ ਤਬਦੀਲ ਕੀਤਾ ਗਿਆ ਹੈ।
ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਭੋਗ ਮੌਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਾਂ ’ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਆਉਣ ਵਾਲੇ ਸਮੇਂ ਵਿੱਚ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀ ਕੋਠੀ ਨੇੜੇ ਮੁੱਖ ਮਾਰਗ ਉੱਤੇ ਪਿਛਲੇ 26 ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਧਰਨਾ ਸਮਾਪਤ ਹੋਣ ਮਗਰੋਂ ਰਾਹਗੀਰਾਂ ਦੀ ਸਹੂਲਤ ਲਈ ਮੁੱਖ ਮਾਰਗ ਸਮੇਤ ਸਾਰੇ ਰਸਤੇ ਆਵਾਜਾਈ ਲਈ ਖੋਲ੍ਹ ਦਿੱਤੇ ਗਏ ਹਨ। ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀ ਰੁਕਾਵਟ ਦੂਰ ਹੋਣ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ।
ਹਾਲਾਂਕਿ ਧਰਨਾ ਸਮਾਪਤ ਕਰਨ ਦੇ ਬਾਵਜੂਦ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ। ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਤੇ ਨਸ਼ਿਆਂ ਵਿਰੁੱਧ ਲੜਨ ਦੇ ਜਜ਼ਬੇ ਨੂੰ ਅੱਗੇ ਲਿਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਸ਼ੁਰੂ ਕੀਤੀ ਲੜਾਈ ਨੂੰ ਕਿਸੇ ਵੀ ਹਾਲਤ ਵਿੱਚ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਅੱਗੇ ਲਿਜਾਣਾ ਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਲਈ ਪਰਿਵਾਰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸੰਘਰਸ਼ਸ਼ੀਲ ਲੋਕਾਂ ਦੇ ਨਾਲ ਖੜ੍ਹਾ ਰਹੇਗਾ।